ਬਜਟ ਸਾਲ 2023-24 ਪੇਸ਼ ਕਰਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕੈਬਨਿਟ ਨੇ ਸਾਲ 2023-24 ਦੀ ਆਬਕਾਰੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ।ਇਸ ਸਬੰਧੀ ਫੈਸਲਾ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ ਮੀਟਿੰਗ ’ਚ ਲਿਆ ਗਿਆ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸ਼ਰਾਬ ਕਾਰੋਬਾਰ ’ਚ ਸਥਿਰਤਾ ਬਰਕਰਾਰ ਰੱਖਣ ਅਤੇ ਪਿਛਲੇ ਸਾਲਾਂ ਦੌਰਾਨ ਸ਼ੁਰੂ ਹੋਏ ਸੁਧਾਰਾਂ ਨੂੰ ਜਾਰੀ ਰੱਖਣ ਲਈ ਮੌਜੂਦਾ ਰਿਟੇਲ ਲਾਇਸੈਂਸਾਂ ਨੂੰ ਨਵਿਆਉਣ ਲਈ ਪ੍ਰਚੂਨ ਵਿਕਰੀ ਲਾਇਸੈਂਸ ਐੱਲ-2/ਐੱਲ-14ਏ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਸਾਲ 2023-24 ਦੌਰਾਨ 1004 ਕਰੋੜ ਰੁਪਏ ਦੇ ਵਾਧੇ ਨਾਲ 9754 ਕਰੋੜ ਰੁਪਏ ਇਕੱਤਰ ਕਰਨ ਦਾ ਟੀਚਾ ਹੈ। ਬੀਅਰ ਬਾਰ, ਹਾਰਡ ਬਾਰ, ਕਲੱਬਾਂ ਤੇ ਮਾਈਕ੍ਰੋਬਿਊਰੀਜ਼ ਵੱਲੋਂ ਵੇਚੀ ਜਾਂਦੀ ਸ਼ਰਾਬ ’ਤੇ ਲੱਗਦਾ ਵੈਟ ਘਟਾ ਕੇ 13 ਫੀਸਦੀ ਤੇ 10 ਫੀਸਦੀ ਸਰਚਾਰਜ ਕੀਤਾ ਗਿਆ ਹੈ। ਗਰੁੱਪ ਦੀ ਤਬਦੀਲੀ ਇਕ ਆਬਕਾਰੀ ਸਾਲ ’ਚ 10 ਲੱਖ ਰੁਪਏ ਤੇ ਸ਼ਰਤਾਂ ਪੂਰੀਆਂ ਕਰਨ ’ਤੇ ਸਿਰਫ਼ ਇਕ ਵਾਰ ਕਰਨ ਦੀ ਇਜਾਜ਼ਤ ਹੋਵੇਗੀ। ਐੱਲ-50 ਪਰਮਿਟ ਦੀ ਸਾਲਾਨਾ ਫ਼ੀਸ 2500 ਤੋਂ ਘਟਾ ਕੇ 2000 ਰੁਪਏ ਅਤੇ ਜੀਵਨ ਭਰ ਲਈ ਐੱਲ-50 ਪਰਮਿਟ ਦੀ ਫ਼ੀਸ 20 ਹਜ਼ਾਰ ਤੋਂ ਘਟਾ ਕੇ 10 ਹਜ਼ਾਰ ਰੁਪਏ ਕਰ ਦਿੱਤੀ ਗਈ ਹੈ। ਜੀਵਨ ਭਰ ਲਈ ਐੱਲ-50 ਪਰਮਿਟ ਜਾਰੀ ਕਰਨ ਲਈ ਲੱਗਦੀ ਲਗਾਤਾਰ ਤਿੰਨ ਸਾਲਾਂ ਤੱਕ ਸਾਲਾਨਾ ਐੱਲ-50 ਲਾਇਸੈਂਸ ਜਾਰੀ ਹੋਣ ਦੀ ਸ਼ਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ।
ਇਸੇ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਨਾਲ ਹੀ ਉਹਨਾਂ ਕਿਹਾ ਕਿ ਸਾਡਾ ਟੀਚਾ ਇਹਨਾਂ ਨੀਤੀਆਂ ਰਾਹੀਂ ਪੰਜਾਬ ਦੇ ਮਾਲੀਏ ‘ਚ ਵਾਧਾ ਕਰਨਾ ਹੈ ਅਤੇ ਨੇਕ ਨੀਅਤ-ਚੰਗੀ ਨੀਤੀ ਨਾਲ ਇਹ ਸੰਭਵ ਹੈ।