ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਪੰਜਾਬ ‘ਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਐਸਐਸਪੀ ਸਰਤਾਜ ਸਿੰਘ ਚਾਹਲ ਨੂੰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਵੀ ਕੀਤੀ ਗਈ ਹੈ। ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਸੋਸ਼ਲਿਸਟ ਪਾਰਟੀ ਆਫ਼ ਇੰਡੀਆ ਦਾ 7 ਮੈਂਬਰੀ ਵਫ਼ਦ ਹੈ। ਸ਼ਿਕਾਇਤਕਰਤਾ ਓਮ ਸਿੰਘ ਸਟਿਆਣਾ ਅਤੇ ਸਾਬਕਾ ਪ੍ਰਧਾਨ ਬਲਵੰਤ ਸਿੰਘ ਖੇੜਾ ਦੀ ਅਗਵਾਈ ਹੇਠ ਇਕ ਵਫ਼ਦ ਨੇ ਹੁਸ਼ਿਆਰਪੁਰ ਦੇ ਐਸ.ਐਸ.ਪੀ. ਨੂੰ ਸ਼ਿਕਾਇਤ ਦਿੱਤੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਧਾਰਾ-153 (ਏ), 153 (ਬੀ), 295 (ਏ), 505 (2), 123 (3ਏ) ਅਤੇ 125 ਦੇ ਭਾਰਤੀ ਲੋਕ ਪ੍ਰਤੀਨਿਧਤਾ ਐਕਟ ਤਹਿਤ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਸ਼ਿਕਾਇਤਕਰਤਾ ਵਫ਼ਦ ਦੇ ਆਗੂਆਂ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਿਚਾਰਾਂ ਦੀ ਆਜ਼ਾਦੀ ਦਾ ਪ੍ਰਗਟਾਵਾ ਕਰਦਿਆਂ ਨੈਤਿਕ ਕਦਰਾਂ-ਕੀਮਤਾਂ ਦੀ ਉਲੰਘਣਾ ਕੀਤੀ ਗਈ ਹੈ। ਕਰਨਾਟਕ ਦੀਆਂ ਚੋਣ ਰੈਲੀਆਂ ‘ਚ ਪ੍ਰਧਾਨ ਮੰਤਰੀ ਨੇ ਵੋਟਰਾਂ ਨੂੰ ਈਵੀਐਮ ਮਸ਼ੀਨ ਦਾ ਬਟਨ ਦਬਾਉਂਦੇ ਹੋਏ ਧਰਮ ਨੂੰ ਰਾਜਨੀਤੀ ਨਾਲ ਮਿਲਾਉਂਦੇ ਹੋਏ ਜੈ ਬਜਰੰਗ ਬਲੀ ਦਾ ਨਾਅਰਾ ਲਗਾਉਣ ਦੀ ਅਪੀਲ ਕੀਤੀ। ਸ਼ਿਕਾਇਤਕਰਤਾ ਦੇ ਵਫ਼ਦ ਵੱਲੋਂ ਪ੍ਰਧਾਨ ਮੰਤਰੀ ਦੀ ਵੀਡੀਓ ਰਿਕਾਰਡਿੰਗ ਦੀ ਕਲਿੱਪ ਵੀ ਸ਼ਿਕਾਇਤ ਨਾਲ ਨੱਥੀ ਕੀਤੀ ਗਈ ਹੈ। ਹੁਸ਼ਿਆਰਪੁਰ ਪੁਲਿਸ ਵੱਲੋਂ ਇਹ ਮਾਮਲਾ ਪੰਜਾਬ ਪੁਲੀਸ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਪਰ ਫਿਲਹਾਲ ਕਾਰਵਾਈ ਸਬੰਧੀ ਵਫ਼ਦ ਨੂੰ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।