ਆਲ ਇੰਡੀਆ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦਾ ਪੰਜਾਬ ‘ਚ ਆਗਾਜ਼ ਹੋ ਚੁੱਕਾ ਹੈ। ਰਾਹੁਲ ਗਾਂਧੀ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਪ੍ਰਤਾਪ ਬਾਜਵਾ ਤੋਂ ਇਲਾਵਾ ਕਈ ਕਾਂਗਰਸੀ ਆਗੂ ਮੌਜੂਦ ਰਹੇ।
ਰਾਜਾ ਵੜਿੰਗ ਨੇ ਹਰਿਆਣਾ ਕਾਂਗਰਸ ਤੋਂ ਰਸਮ ਅਨੁਸਾਰ ਤਿਰੰਗਾ ਝੰਡਾ ਪ੍ਰਾਪਤ ਕੀਤਾ ਅਤੇ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦਾ ਸੁਆਗਤ ਕੀਤਾ। ਪਹਿਲੇ ਦਿਨ ਰਾਹੁਲ ਗਾਂਧੀ ਸਰਹੰਦ ਤੋਂ ਖੰਨਾ ਤੱਕ ਯਾਤਰਾ ਕਰਨਗੇ। ਦਸ ਦਈਏ ਕਿ ਰਾਹੁਲ ਗਾਂਧੀ ਨੇ ਅੱਜ ਲਾਲ ਰੰਗ ਦੀ ਦਸਤਾਰ ਸਜਾਈ ਹੋਈ ਹੈ। ਨਾਲ ਹੀ ਤੁਹਾਨੂੰ ਦਸ ਦਈਏ ਕਿ ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਧਰਮਵੀਰ ਗਾਂਧੀ ਵੀ ਪੰਜਾਬ ’ਚ ਸ਼ੁਰੂ ਹੋਈ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਏ।
ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਯਾਤਰਾ ਹੁਣ ਪੰਜਾਬ, ਫਿਰ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਜਾਕੇ ਸ਼੍ਰੀਨਗਰ ‘ਚ ਖ਼ਤਮ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ‘ਚ ਨਫ਼ਰਤ ਫੈਲਾਈ ਗਈ ਹੈ ਅਤੇ ਧਰਮਾਂ ਦੇ ਨਾਂ ‘ਤੇ ਲੋਕਾਂ ਨੂੰ ਲੜਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਉਹਨਾਂ ਵਲੋਂ ‘ਭਾਰਤ ਜੋੜੋ ਯਾਤਰਾ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ । ਇਥੇ ਦਸ ਦਈਏ ਕਿ ਬੀਤੀ ਦੇਰ ਰਾਤ ਭਾਰਤ ਜੋੜੋ ਯਾਤਰਾ ਇਤਿਹਾਸਕ ਸ਼ਹਿਰ ਸਰਹਿੰਦ-ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਗਈ ਸੀ ਜਿਸ ਦੌਰਾਨ ਰਾਹੁਲ ਗਾਂਧੀ ਆਪਣੇ ਸਾਥੀਆਂ ਨਾਲ ਉਥੇ ਪਹੁੰਚ ਗਏ ਸਨ ਅਤੇ ਅੱਜ ਉਹਨਾ ਵਲੋਂ ਤੜਕੇ ਪੰਜਾਬ ‘ਚ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ।