ਸ੍ਰੀ ਮੁਕਤਸਰ ਸਾਹਿਬ: ਗੁਰੂ ਸਾਹਿਬ ਦੀ ਬੇਅਦਬੀ ਮਾਮਲੇ ਰੁਕਣ ਦਾ ਨਾਮ ਨਹੀਂ ਲੈ ਰਹੇ। ਤਾਜ਼ਾ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਗੱਗੜ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਵੱਲੋਂ ਸ਼ਰਾਬ ਪੀਕੇ ਅਤੇ ਜੁੱਤੀਆਂ ਸਮੇਤ ਗੁਰਦੁਆਰਾ ਸਾਹਿਬ ਅੰਦਰ ਦਾਖਿਲ ਹੋਣ ਅਤੇ ਬੇਅਦਬੀ ਕਰਨ ਦੀ ਖ਼ਬਰ ਸਾਹਮਣੇ ਆੲਈ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਉਕਤ ਵਿਅਕਤੀ ਨੂੰ ਮੌਕੇ ’ਤੇ ਹੀ ਫੜ ਲਿਆ।
ਜਾਣਕਾਰੀ ਅਨੁਸਾਰ ਪਿੰਡ ਗੱਗੜ ਦਾ ਇਕ ਵਿਅਕਤੀ ਬਲਕਰਨ ਸਿੰਘ ਸ਼ਰਾਬ ਪੀਕੇ ਅਤੇ ਜੁੱਤੀਆਂ ਸਮੇਤ ਗੁਰਦਵਾਰਾ ਸਾਹਿਬ ਅੰਦਰ ਦਾਖਿਲ ਹੋ ਗਿਆ। ਉਕਤ ਵਿਅਕਤੀ ਸ੍ਰੀ ਗੁਰੂ ਗਰੰਥ ਸਾਹਿਬ ਪ੍ਰਕਾਸ਼ ਵਾਲੇ ਸਥਾਨ ਤੱਕ ਪੁੱਜ ਗਿਆ ਪਰ ਪਿੰਡ ਵਾਸੀਆਂ ਨੇ ਉਸਨੂੰ ਕਾਬੂ ਕਰ ਲਿਆ। ਇਹ ਵੀ ਪਤਾ ਲੱਗਾ ਕਿ ਉਕਤ ਵਿਅਕਤੀ ਕੁਝ ਦਿਨ ਪਹਿਲਾਂ ਵੀ ਸ਼ਰਾਬ ਪੀ ਕੇ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋ ਗਿਆ ਸੀ, ਜਿਸ ਸਬੰਧੀ ਪਿੰਡ ਵਾਸੀਆਂ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ। ਅੱਜ ਉਕਤ ਵਿਅਕਤੀ ਜਦੋਂ ਗੁਰਦੁਆਰਾ ਸਾਹਿਬ ਦੇ ਅੰਦਰ ਤੱਕ ਦਾਖ਼ਲ ਹੋ ਗਿਆ ਤਾਂ ਪਿੰਡ ਵਾਸੀਆਂ ਵਲੋਂ ਉਸ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਉਕਤ ਵਿਅਕਤੀ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋਇਆ ਸੀ। ਇਸ ਸਬੰਧੀ ਥਾਣਾ ਲੰਬੀ ਦੀ ਪੁਲਸ ਨੇ ਉਕਤ ਦੋਸ਼ੀ ਬਲਕਰਨ ਸਿੰਘ ਉਰਫ ਮੰਟਾ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।