ਅੱਜ ਰੋਪੜ ਦਾ ਮਹਾਰਾਜਾ ਰਣਜੀਤ ਸਿੰਘ ਬਾਗ ਧਰਨਿਆਂ ਦੇ ਵਿੱਚ ਤਬਦੀਲ ਹੋ ਗਿਆ। ਮੁਲਾਜ਼ਮ ਜਥੇਬੰਦੀਆਂ ਵੱਲੋ ਵਿਧਾਇਕ ਦਿਨੇਸ਼ ਚੱਡਾ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਮੁਲਾਜ਼ਮ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਵਿਧਾਇਕ ਤੋ ਮਾਫ਼ੀ ਦੀ ਮੰਗ ਕਰ ਰਹੇ ਹਨ। ਦਸ ਦਈਏ ਕਿ ਰੋਪੜ ਤੋਂ ਵਿਧਾਇਕ ਦਿਨੇਸ਼ ਚੱਢਾ ਦਾ ਮਾਮਲਾ ਹੋਰ ਡੂੰਘਾ ਹੋਣ ਲੱਗਾ ਹੈ। ਮੁਲਾਜ਼ਮ ਅੜੇ ਹੋਏ ਹਨ ਕਿ ਜਦੋਂ ਤੱਕ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਅਤੇ ਵਿਧਾਇਕ ਮੁਆਫ਼ੀ ਨਹੀਂ ਮੰਗਦਾ ਉਨ੍ਹਾਂ ਦਾ ਧਰਨਾ ਜਾਰੀ ਰਹੇਗਾ। ਸੋਮਵਾਰ ਨੂੰ ਵੀ ਮੁਲਾਜ਼ਮਾਂ ਨੇ ਵਿਧਾਇਕ ਦਿਨੇਸ਼ ਚੱਢਾ ਦੇ ਘਰ ਦੇ ਬਾਹਰ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਸੀ। ਸੋਮਵਾਰ ਨੂੰ ਰੋਪੜ ਡਵੀਜ਼ਨ ਵਿੱਚ ਹੀ ਹੜਤਾਲ ਸੀ ਪਰ ਹੁਣ ਮਨਿਸਟੀਰੀਅਲ ਸਟਾਫ਼ ਯੂਨੀਅਨ ਨੇ ਪੂਰੇ ਪੰਜਾਬ ਵਿੱਚ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਦੱਸਿਆ ਕਿ 25 ਅਤੇ 26 ਨੂੰ ਸਾਰੇ ਡੀਸੀ ਦਫ਼ਤਰਾਂ ਤੋਂ ਲੈ ਕੇ ਤਹਿਸੀਲਾਂ ਤੱਕ ਕਲਮ ਛੋੜ ਹੜਤਾਲ ਹੋਵੇਗੀ।
ਮਨਿਸਟੀਰੀਅਲ ਸਟਾਫ਼ ਯੂਨੀਅਨ ਪੰਜਾਬ ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਜਨਰਲ ਸਕੱਤਰ ਨਰਿੰਦਰ ਚੀਮਾ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਅਤੇ ਆਗੂਆਂ ਦੀ ਦਖ਼ਲਅੰਦਾਜ਼ੀ ਬਹੁਤ ਵੱਧ ਗਈ ਹੈ। ਦਫ਼ਤਰਾਂ ਵਿੱਚ ਸਟਾਫ਼ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਲੋਕਾਂ ਦੇ ਸਾਹਮਣੇ ਜ਼ਲੀਲ ਕੀਤਾ ਜਾ ਰਿਹਾ ਹੈ। ਇਸ ਨੂੰ ਦਫ਼ਤਰਾਂ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਯੂਨੀਅਨ ਨੇ ਫੈਸਲਾ ਕੀਤਾ ਹੈ ਕਿ ਸਾਰੇ ਮੁਲਾਜ਼ਮ 26 ਜੁਲਾਈ ਨੂੰ ਰੋਪੜ ਵਿੱਚ ਹੀ ਸਰਕਾਰ ਖ਼ਿਲਾਫ਼ ਵੱਡੀ ਰੈਲੀ ਕਰਨਗੇ।
ਉਧਰ ਸਿਵਲ ਸੁਸਾਇਟੀ ਦੇ ਲੋਕਾਂ ਵਿਧਾਇਕ ਦੇ ਹੱਕ ‘ਚ ਖੜੇ ਹੋ ਗਏ ਹਨ। ਲੋਕਾਂ ਨੇ ਵਿਧਾਇਕ ਦੇ ਹੱਕ ਵਿੱਚ ਤਖ਼ਤੀਆਂ ਲੈ ਕੇ ਸ਼ਹਿਰ ਵਿੱਚ ਪ੍ਰਦਰਸ਼ਨ ਵੀ ਕੀਤਾ। ਸਿਵਲ ਸੁਸਾਇਟੀ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਜੇਕਰ ਵਿਧਾਇਕ ਨੇ ਭ੍ਰਿਸ਼ਟ ਸਿਸਟਮ ਖਿਲਾਫ ਕਾਰਵਾਈ ਕੀਤੀ ਹੈ ਅਤੇ ਦਫਤਰ ਜਾ ਕੇ ਰਿਕਾਰਡ ਦੀ ਜਾਂਚ ਕੀਤੀ ਹੈ ਤਾਂ ਇਸ ਵਿੱਚ ਗਲਤ ਕੀ ਹੈ।