ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਵਿੱਚ ਵਧਦੇ ਹੜ੍ਹ ਸੰਕਟ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਕੀਤੇ ਪ੍ਰਬੰਧਾਂ ਬਾਰੇ ਜਾਣਕਾਰੀ ਦੇਣਗੇ। ਇਸ ਦੇ ਨਾਲ ਹੀ ਬਿਜਲੀ ਦੇ ਮੁੱਦੇ ‘ਤੇ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਜਾਣਕਾਰੀ ਦੇਣਗੇ। ਸੀਐਮ ਮਾਨ ਦੁਪਹਿਰ ਨੂੰ ਪੰਜਾਬ ਸਰਕਾਰ ਦੇ ਯਤਨਾਂ ਬਾਰੇ ਕੁਝ ਜਾਣਕਾਰੀ ਪੰਜਾਬ ਵਾਸੀਆਂ ਨੂੰ ਦੱਸਣਗੇ। ਦਰਅਸਲ ਪੌਂਗ ਡੈਮ ਅਤੇ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਣ ਕਰਕੇ ਪਾਣੀ ਛੱਡੇ ਜਾਣ ਕਾਰਨ ਪੰਜਾਬ ਵਿੱਚ ਹੜ੍ਹਾਂ ਦਾ ਸੰਕਟ ਹੋਰ ਡੂੰਘਾ ਹੋ ਗਿਆ ਹੈ। ਭਾਖੜਾ ਡੈਮ ਤੋਂ ਲਗਾਤਾਰ ਪੰਜ ਦਿਨ ਪਾਣੀ ਛੱਡਿਆ ਜਾਣਾ ਹੈ। ਇਸ ਕਾਰਨ ਸੂਬੇ ਵਿੱਚ ਦਰਿਆ ਦੇ ਨੇੜੇ ਰਹਿਣ ਵਾਲੇ ਲੋਕ ਆਪਣੇ ਘਰ ਛੱਡ ਕੇ ਹੋਰ ਥਾਵਾਂ ’ਤੇ ਜਾਣ ਲਈ ਮਜਬੂਰ ਹਨ। ਦਰਿਆ ਦੇ ਨੇੜੇ-ਤੇੜੇ ਦੇ ਕਈ ਪਿੰਡ ਪਾਣੀ ਵਿੱਚ ਡੁੱਬ ਗਏ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜਲਦੀ ਤੋਂ ਜਲਦੀ ਇਲਾਕਾ ਖਾਲ੍ਹੀ ਕਰਕੇ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ ਕੀਤੀ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਲਗਾਤਾਰ ਹੜ੍ਹਾਂ ਦੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਦੇ ਸਾਰੇ ਕੈਬਨਿਟ ਮੰਤਰੀ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਮਿਲ ਰਹੇ ਹਨ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਜੋਤ ਸਿੰਘ ਬੈਂਸ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਪਰ ਪੰਜਾਬ ‘ਤੇ ਹੜ੍ਹਾਂ ਦਾ ਸੰਕਟ ਜਾਰੀ ਹੈ।