ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਅਤੇ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਵਾਉਣ ਤੋਂ ਬਾਅਦ ਹੁਣ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਇਕ ਚਿੱਠੀ ਲਿਖੀ ਗਈ ਜਿਸ ਵਿਚ ਉਹਨਾਂ ਨੇ ਵਿਭਾਗਾਂ ਦੀ ਵੰਡ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਨਵੇਂ ਬਣੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਖੇਤੀਬਾੜੀ ਵਿਭਾਗ ਦੇ ਨਾਲ-ਨਾਲ ਪਸ਼ੂ-ਪਾਲਣ ਵਿਭਾਗ ਅਤੇ ਫੂਡ ਪ੍ਰੋਸੈਸਿੰਗ ਮੰਤਰਾਲਾ ਸੌਂਪ ਦਿੱਤਾ ਗਿਆ ਹੈ। ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਖੇਤੀਬਾੜੀ ਵਿਭਾਗ ਵਾਪਸ ਲੈ ਲਿਆ ਗਿਆ ਹੈ ਅਤੇ ਇਹ ਮੰਤਰਾਲਾ ਹੁਣ ਗੁਰਮੀਤ ਸਿੰਘ ਖੁੱਡੀਆਂ ਨੂੰ ਸੌਂਪ ਦਿੱਤਾ ਗਿਆ ਹੈ। ਹੁਣ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਸਿਰਫ਼ ਪ੍ਰਸ਼ਾਸਨਿਕ ਸੁਧਾਰ ਵਿਭਾਗ ਅਤੇ NRI Affairs ਵਿਭਾਗ ਰਹਿ ਗਿਆ ਹੈ।
ਇਸ ਤੋਂ ਇਲਾਵਾ ਨਵੇਂ ਬਣੇ ਕੈਬਨਿਟ ਮੰਤਰੀ ਬਲਕਾਰ ਸਿੰਘ ਨੂੰ ਲੋਕਲ ਬਾਡੀਜ਼ ਅਤੇ ਪਾਰਲੀਮੈਂਟਰੀ ਅਫੇਅਰਜ਼ ਦਾ ਵਿਭਾਗ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਟਰਾਂਸਪੋਰਟ ਅਤੇ ਪੰਚਾਇਤ ਵਿਭਾਗ ਦਾ ਕਾਰਜਭਾਰ ਸੰਭਾਲਿਆ ਗਿਆ ਹੈ। ਇਸਦੇ ਉਲਟ ਜੇਕਰ ਗੱਲ ਕੀਤੀ ਜਾਵੇ ਤਾਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮਾਈਨਿੰਗ, ਖੇਡ ਵਿਭਾਗ ਅਤੇ ਜਲ ਸਰੋਤ ਵਿਭਾਗ ਥਮਾਇਆ ਗਿਆ ਹੈ।