ਭਗੌੜਾ ਐਲਾਨ ਕਰ ਦਿੱਤੇ ਗਏ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਈ ਨੂੰ ਲੈਕੇ ਪੰਜਾਬ ‘ਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਦੌਰਾਨ ਜਿਥੇ ਸਿਆਸੀ ਪਾਰਟੀਆਂ ਮਾਨ ਸਰਕਾਰ ਨੂੰ ਘੇਰਦੀਆਂ ਵਿਖਾਈ ਦਿੰਦੀਆਂ ਹਨ। ਉਥੇ ਹੀ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਇਸ ਮੀਟਿੰਗ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦੇ ਪਹੁੰਚਣਗੇ। ਸਿਆਸੀ ਪਾਰਟੀਆਂ ਨੂੰ ਇਸ ਮੀਟਿੰਗ ਵਿੱਚ ਨਹੀਂ ਬੁਲਾਇਆ ਗਿਆ। ਇਸ ਬਾਰੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ 27 ਮਾਰਚ ਨੂੰ ਸੱਦੀ ਗਈ ਮੀਟਿੰਗ ਦੌਰਾਨ ਸਿੱਖ ਜਥੇਬੰਦੀਆਂ, ਸੰਪਰਦਾਵਾਂ ਤੇ ਸਭਾ ਸੁਸਾਇਟੀਆਂ ਦੇ ਚੋਣਵੇਂ ਨੁਮਾਇੰਦਿਆਂ ਨਾਲ ਚਰਚਾ ਕਰਕੇ ਉਨ੍ਹਾਂ ਕੋਲੋਂ ਸੁਝਾਅ ਲਏ ਜਾਣਗੇ ਤੇ ਇਨ੍ਹਾਂ ਵਿਚਾਰਾਂ ਦੀ ਰੋਸ਼ਨੀ ਵਿੱਚ ਅਗਲਾ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਮੀਟਿੰਗ ਵਿੱਚ ਕੋਈ ਵੀ ਸਿਆਸੀ ਜਮਾਤ ਦਾ ਪ੍ਰਤੀਨਿਧ ਨਹੀਂ ਸੱਦਿਆ ਗਿਆ। ਉਨ੍ਹਾਂ ਇਸ ਸਬੰਧ ਵਿੱਚ ਸਿੱਖ ਸੰਗਤ ਕੋਲੋਂ ਵੀ ਸੁਝਾਅ ਮੰਗੇ ਹਨ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਬੁਲਾਈ ਗਈ ਮੀਟਿੰਗ ਉਪਰ ਸਭ ਦੀਆਂ ਨਜ਼ਰਾਂ ਹਨ। ਸਰਕਾਰ ਵੀ ਇਸ ਮੀਟਿੰਗ ਉੱਪਰ ਨਜ਼ਰ ਰਹੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੁਲਿਸ ਵੱਲੋਂ ਨੌਜਵਾਨਾਂ ’ਤੇ ਲੋੜੋਂ ਵੱਧ ਸੰਗੀਨ ਜੁਰਮਾਂ ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ ਜਦਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਅਪਰਾਧਿਕ ਪਿਛੋਕੜ ਨਹੀਂ। ਜਥੇਦਾਰ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਬਾਰੇ ਸੋਸ਼ਲ ਮੀਡੀਆ ’ਤੇ ਕੁਝ ਵੀ ਸਾਂਝਾ ਕਰਨ ਵਾਲਿਆਂ ਦੇ ਘਰਾਂ ਵਿੱਚ ਵੀ ਜਾ ਰਹੀ ਹੈ ਜੋ ਵਿਚਾਰਾਂ ਦੀ ਆਜ਼ਾਦੀ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੁਲਿਸ ਨੂੰ ਅਜਿਹੀ ਕਾਰਵਾਈ ਕਰਨ ਤੋਂ ਰੋਕੇ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵੀਡੀਓ ਸੁਨੇਹਾ ਜਾਰੀ ਕਰਦਿਆਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਹ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ ਤਾਂ ਪੁਲਿਸ ਅੱਗੇ ਆਤਮ-ਸਮਰਪਣ ਕਰ ਦੇਵੇ ਤੇ ਪੁਲਿਸ ਦੀ ਜਾਂਚ ਵਿੱਚ ਸਹਿਯੋਗ ਦੇਵੇ।