ਅਜਾਨਾਲਾ ਪੁਲਿਸ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਦੀ ਗ੍ਰਿਫਤਾਰੀ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਡੀਐਸਪੀ ਅਜਨਾਲਾ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਗਠਿਤ ਟੀਮਾਂ ਲਗਾਤਾਰ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ ਪੁਲਿਸ ਨੇ ਅੰਮ੍ਰਿਤਪਾਲ ਦੇ ਦੋ ਸਾਥੀ ਗ੍ਰਿਫ਼ਤਾਰ ਕਰ ਲਏ ਹਨ। ਉਧਰ, ਗ੍ਰਿਫਤਾਰੀ ਉਤੇ ਅੰਮ੍ਰਿਤਪਾਲ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਆਖਿਆ ਹੈ ਕਿ ਪੁਲਿਸ ਉਨ੍ਹਾਂ ਦੇ ਸਾਥਿਆਂ ਨੂੰ ਨਾਜਾਇਜ਼ ਚੁੱਕ ਰਹੀ ਹੈ।
ਅੰਮ੍ਰਿਤਪਾਲ ਨੇ ਬਿਆਨ ਦਿੱਤਾ ਕਿ ਝੂਠੇ ਪਰਚੇ ਹੇਠ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਆਖਿਆ ਹੈ ਕਿ ਉਹ ਪਹਿਲਾਂ ਵੀ ਆਖ ਚੁੱਕੇ ਹਨ ਕਿ ਉਹ ਕਿਸੇ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਪਰ ਪੁਲਿਸ ਜਾਣਬੁਝ ਕੇ ਟਕਰਾਅ ਵਾਲੇ ਰਾਹ ਜਾ ਰਹੀ ਹੈ। ਉਨ੍ਹਾਂ ਪੁਲਿਸ ਨੂੰ ਵੰਗਾਰਦਿਆਂ ਕਿਹਾ ਕਿ ਜੇਕਰ ਸਾਡੇ ਸਿੰਘਾਂ ਨੂੰ ਇਸ ਤਰ੍ਹਾਂ ਇਕੱਲੇ-ਇਕੱਲੇ ਕਰਕੇ ਚੁੱਕਣਾ ਹੈ ਤਾਂ ਫਿਰ ਆਪਾਂ ਇਕ ਵਾਰ ਵੇਖ ਹੀ ਲਈਏ ਇਕੱਠੇ ਹੋ ਕੇ, ਕਿਸ ਭਾਅ ਵਿਕਦੀ ਹੈ। ਕਿਉਂ ਕਿ ਭੱਜਦਿਆਂ ਨੂੰ ਵਾਹਣ ਇਕੋ ਜਿਹੇ ਹੀ ਹੁੰਦੇ ਹਨ। ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅੰਮ੍ਰਿਤਸਰ ਦੇ ਪਿੰਡ ਜੱਲੂਪੁਰ ਖੈੜੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਇਸ ਤੋਂ ਅੱਗੇ ਕੀ ਕਰਨਾ ਹੈ, ਇਸ ਬਾਰੇ ਇਥੇ ਬੈਠ ਕੇ ਵਿਚਾਰ ਕਰਾਂਗੇ।
ਦਸਣਯੋਗ ਹੈ ਕਿ ਚਮਕੌਰ ਸਾਹਿਬ ਦੇ ਇਕ ਨੌਜਵਾਨ ਵਰਿੰਦਰ ਸਿੰਘ ਵਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਣੇ ਕਈ ਵਿਅਕਤੀਆਂ ਖ਼ਿਲਾਫ਼ ਇਹ ਇਲਜ਼ਾਮ ਲਗਾਏ ਗਏ ਹਨ ਕਿ ਇਹਨਾਂ ਸਿੰਘਾਂ ਵਲੋਂ ਉਸਨੂੰ ਅਗਵਾ ਕਰਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਜਿਸ ਤੋਂ ਬਾਅਦ ਹਰਕਤ ਵਿਚ ਆਉਂਦਿਆਂ ਪੁਲਿਸ ਨੇ ਅੰਮ੍ਰਿਤਪਾਲ ਸਣੇ 6 ਵਿਅਕਤੀਆਂ ਖਿਲਾਫ਼ ਬਾਏ-ਨੇਮ ਮੁਕੱਦਮਾ ਦਰਜ ਕੀਤਾ ਅਤੇ ਫਿਰ ਉਹਨਾਂ ਦੀ ਭਾਲ ਲਈ ਛਾਪੇਮਾਰੀ ਕਰਨੀ ਸ਼ੁਰੂ ਕਰ ਦਿੱਤੀ ਹੈ।