ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸ਼ੈਸਨ ਦੀ ਮਨਜ਼ੂਰੀ ਨਾ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ। ਜਿਸ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ ਹੈ। ਇਸ ਦੌਰਾਨ ਗਵਰਨਰ ਨੇ ਬਜਟ ਸੈਸ਼ਨ ਬੁਲਾਉਣ ਲਈ ਮਜਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਗਵਰਨਰ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਵਿਚ ਦਿੱਤੀ ਹੈ। ਹੁਣ ਇਹ ਤਹਿ ਹੋ ਚੁੱਕਾ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ 3 ਮਾਰਚ ਨੂੰ ਹੀ ਸ਼ੁਰੂ ਹੋਵੇਗਾ।
ਦਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਰਾਜਪਾਲ ਵੱਲੋਂ ਬਜਟ ਸੈਸ਼ਨ ਨਾ ਬੁਲਾਉਣ ਦੇ ਫੈਸਲੇ ਵਿਰੁੱਧ ਸੁਪਰੀਮ ਕੋਰਟ ‘ਚ ਸੋਮਵਾਰ ਨੂੰ ਪਟੀਸ਼ਨ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਪੰਜਾਬ ਦੇ ਰਾਜਪਾਲ ਦੇ ਪ੍ਰਮੁੱਖ ਸਕੱਤਰ ਨੂੰ ਪਹਿਲੇ ਜਵਾਬਦੇਹ ਵਜੋਂ ਸ਼ਾਮਲ ਕੀਤਾ ਗਿਆ ਸੀ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਸੰਵਿਧਾਨਕ ਵਿਵਸਥਾਵਾਂ ਦੇ ਮੁਤਾਬਕ ਰਾਜਪਾਲ ਨੂੰ ਸਰਕਾਰ ਦੁਆਰਾ ਦਿੱਤੀ ਗਈ ਸਹਾਇਤਾ ਅਤੇ ਸਲਾਹ ਦੇ ਅਨੁਸਾਰ ਵਿਧਾਨ ਸਭਾ ਬੁਲਾਉਣੀ ਹੁੰਦੀ ਹੈ। ਪੰਜਾਬ ਸਰਕਾਰ ਦੀ ਕੈਬਨਿਟ ਨੇ ਇੱਕ ਮਤਾ ਪਾਸ ਕਰਕੇ ਰਾਜਪਾਲ ਤੋਂ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ ਸੱਦਣ ਦੀ ਇਜਾਜ਼ਤ ਮੰਗੀ ਸੀ। ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਫਿਲਹਾਲ ਇਹ ਬਜਟ ਸੈਸ਼ਨ ਬੁਲਾਉਣ ਤੋਂ ਇਨਕਾਰ ਕਰ ਦਿੱਤਾ ਹੈ।