ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਖ਼ਬਰ ਇਹ ਮਿਲੀ ਹੈ ਕਿ ਪੰਜਾਬ ਸਰਕਾਰ ਪਟਿਆਲਾ ਦਿਹਾਤੀ ਤੋਂ ਡਾਕਟਰ ਬਲਬੀਰ ਸਿੰਘ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰਨ ਜਾ ਰਹੀ ਹੈ। ਜਾਣਕਾਰੀ ਮੁਤਾਬਕ ਸਰਕਾਰ ਵੱਲੋਂ ਡਾਕਟਰ ਬਲਬੀਰ ਸਿੰਘ ਨੂੰ ਸਿਹਤ ਮਹਿਕਮਾ ਸੌਂਪਿਆ ਜਾ ਸਕਦਾ ਹੈ।
ਦੱਸ ਦਈਏ ਕਿ ਡਾ: ਬਲਬੀਰ ਸਿੰਘ ਦਾ ਜਨਮ ਨਵਾਂਸ਼ਹਿਰ ਨੇੜਲੇ ਪਿੰਡ ਭੌਰਾ ਦੇ ਇੱਕ ਗਰੀਬ ਕਿਸਾਨ ਪਰਿਵਾਰ ਵਿੱਚ ਹੋਇਆ ਸੀ। ਉਨ੍ਹਾਂ ਪਿੰਡ ਦੇ ਇੱਕ ਸਕੂਲ ਵਿੱਚ ਪੜ੍ਹਾਈ ਜਿੱਥੇ ਬਿਜਲੀ ਨਹੀਂ ਸੀ। ਉਹ ਅੱਖਾਂ ਦਾ ਮਸ਼ਹੂਰ ਸਰਜਨ ਬਣੇ। ਉਨ੍ਹਾਂ ਨੇ 40 ਸਾਲਾਂ ਤੋਂ ਸਿਹਤ ਖੇਤਰ ਵਿੱਚ ਯੋਗਦਾਨ ਪਾਇਆ ਅਤੇ 40% ਮਰੀਜ਼ਾਂ ਦਾ ਮੁਫਤ ਇਲਾਜ ਕੀਤਾ। ਡਾ. ਬਲਬੀਰ ਸਿੰਘ ਨੇ ਕਿਸਾਨ ਅੰਦੋਲਨ ਦੌਰਾਨ ਵੀ ਡਾਕਟਰੀ ਸੇਵਾ ਦਾ ਲੰਗਰ ਲਾਇਆ ਸੀ। ਵਾਤਾਵਰਨ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਉਨ੍ਹਾਂ ਨੂੰ ਰਾਜ ਪੱਧਰ ‘ਤੇ ਕਈ ਵਾਰ ਸਨਮਾਨਿਤ ਵੀ ਕੀਤਾ ਜਾ ਚੁੱਕਾ ਹੈ। ਡਾ: ਬਲਬੀਰ ਅੰਨਾ ਅੰਦੋਲਨ ਦੇ ਸਮੇਂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਡਾ: ਬਲਬੀਰ 2018 ਵਿਚ ਪਾਰਟੀ ਦੇ ਸਹਿ-ਪ੍ਰਧਾਨ ਵੀ ਰਹਿ ਚੁੱਕੇ ਹਨ। 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 50000 ਦੇ ਫਰਕ ਨਾਲ ਚੋਣ ਜਿੱਤੀ ਸੀ।
ਇਥੇ ਦੱਸਣਯੋਗ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅੱਜ ਅਸਤੀਫ਼ਾ ਦੇ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਫ਼ੌਜਾ ਸਿੰਘ ਸਰਾਰੀ ਨੇ ਖ਼ੁਰਾਕ ਅਤੇ ਬਾਗਬਾਨੀ ਮੰਤਰਾਲਾ ਦੇ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਸਨ। ਦੱਸਣਯੋਗ ਹੈ ਕਿ ਫ਼ੌਜਾ ਸਿੰਘ ਸਰਾਰੀ ਗੁਰੂਹਰਸਰਾਏ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਵੀ ਹਨ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਵੱਲੋਂ ਇਹ ਅਸਤੀਫ਼ਾ ਨਿੱਜੀ ਕਾਰਨਾਂ ਕਰਕੇ ਦਿੱਤਾ ਗਿਆ ਹੈ। ਪੰਜਾਬ ਕੈਬਨਿਟ ‘ਚ ਅੱਜ ਕਈ ਮੰਤਰੀਆਂ ਦੇ ਵਿਭਾਗ ਬਦਲੇ ਜਾ ਸਕਦੇ ਹਨ। ਇਸ ਤੋਂ ਇਲਾਵਾ ਨਵੇਂ ਚਿਹਰਿਆਂ ਨੂੰ ਵੀ ਮੌਕਾ ਮਿਲ ਸਕਦਾ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਅੱਜ ਸ਼ਾਮ 5 ਵਜੇ ਰਾਜਪਾਲ ਰਿਹਾਇਸ਼ ‘ਚ ਇਕ ਸਾਦੇ ਪ੍ਰੋਗਰਾਮ ‘ਚ ਨਵੇਂ ਚਿਹਰਿਆਂ ਨੂੰ ਸਹੁੰ ਚੁਕਾਈ ਜਾ ਸਕਦੀ ਹੈ।