ਪੰਜਾਬ ਯੂਨੀਵਰਸਿਟੀ ਨੂੰ ਗ੍ਰਾਂਟ ਦੇਣ ਨੂੰ ਲੈਕੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਮੁੜ ਪੰਜਾਬ-ਹਰਿਆਣਾ ਦੇ ਮੁੱਖ ਮੰਤਰੀਆਂ ਦੀ ਇਕ ਅਹਿਮ ਮੀਟਿੰਗ ਯੂ.ਟੀ. ਸਕੱਤਰੇਤ ਵਿਖੇ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਬੈਠਕ ‘ਚ ਦੋਹਾਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਾਲੇ ਕੋਈ ਸਹਿਮਤੀ ਨਹੀਂ ਬਣੀ ਹੈ ਜਿਸ ਕਾਰਨ ਹੁਣ ਇਕ ਵਾਰ ਫਿਰ ਇਹ ਮੀਟਿੰਗ 3 ਜੁਲਾਈ ਨੂੰ ਸੱਦੀ ਗਈ ਹੈ। ਦਰਅਸਲ ਹਰਿਆਣਾ ਵੱਲੋਂ ਗ੍ਰਾਂਟ ਦੇਣ ਦੇ ਬਦਲੇ ਪੰਜਾਬ ਯੂਨੀਵਰਸਿਟੀ ਤੋਂ ਆਪਣੇ ਕਾਲਜਾਂ ਲਈ ਮਾਨਤਾ ਮੰਗੀ ਜਾ ਰਹੀ ਹੈ ਪਰ ਦੂਜੇ ਪਾਸੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇਣ ਦੇ ਪੱਖ ‘ਚ ਨਹੀਂ ਹੈ। ਮੀਟਿੰਗ ਤੋਂ ਮੁੱਖ ਮੰਤਰੀ ਮਾਨ ਨੇ ਇਕ ਪ੍ਰੈੱਸ ਵਾਰਤਾ ਕੀਤੀ। ਇਸ ਮੌਕੇ ਉਹਨਾਂ ਕਿਹਾ ਕਿ ਸਾਲ 2008 ‘ਚ ਉਸ ਸਮੇਂ ਦੇ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰ ਯੂਨੀਵਰਸਿਟੀ ਬਣਾ ਦਿੱਤਾ ਜਾਵੇ ਅਤੇ ਸਾਨੂੰ ਇਸ ਸਬੰਧੀ ਕੋਈ ਇਤਾਰਜ਼ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਲ 2008 ‘ਚ ਉਸ ਸਮੇਂ ਦੇ ਮੁੱਖ ਮੰਤਰੀ ਸਵ. ਪ੍ਰਕਾਸ਼ ਸਿੰਘ ਬਾਦਲ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਚਿੱਠੀ ਲਿਖੀ ਕਿ ਇਸ ਨੂੰ ਕੇਂਦਰੀ ਯੂਨੀਵਰਸਿਟੀ ਬਣਾ ਦਿੱਤਾ ਜਾਵੇ ਅਤੇ ਸਾਨੂੰ ਇਸ ਸਬੰਧੀ ਕੋਈ ਇਤਾਰਜ਼ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸਾਡੀ ਸਰਕਾਰ ਬਣੀ ਤਾਂ ਇਕ ਚਿੱਠੀ ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੀ ਅਤੇ ਦੂਜੀ ਚਿੱਠੀ ਧਰਮਿੰਦਰ ਪ੍ਰਧਾਨ ਜੀ ਨੂੰ ਲਿਖੀ ਅਤੇ ਕਿਹਾ ਕਿ ਯੂਨੀਵਰਸਿਟੀ ਨੂੰ ਕੇਂਦਰੀ ਯੂਨਿਵਰਸਿਟੀ ਬਣਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ।
ਇਸ ਤੋਂ ਬਾਅਦ ਵਿਧਾਨ ਸਭਾ ‘ਚ 30-06-2022 ‘ਚ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਯੂਨੀਵਰਸਿਟੀ ‘ਚ ਕੇਂਦਰ ਵੱਲੋਂ ਘੁਸਪੈਠ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਇਹ ਯੂਨੀਵਰਸਿਟੀ ਇਸੇ ਤਰ੍ਹਾਂ ਕਾਇਮ ਰਹੇਗੀ। ਉਨ੍ਹਾਂ ਨੇ ਦੱਸਿਆ ਕਿ ਅਗਸਤ-2022 ‘ਚ ਕਾਂਗਰਸ ਦੀ ਮਹਿਲਾ ਵਿਧਾਇਕ ਨੇ ਹਰਿਆਣਾ ਵਿਧਾਨ ਸਭਾ ਚ ਮਤਾ ਲਿਆਂਦਾ ਕਿ ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਿਆ ਜਾਵੇ, ਜਿਸ ਨੂੰ ਪਾਸ ਕਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਕਿਹਾ ਸਾਡੇ ਕੋਲ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਹਰਿਆਣਾ ਵਾਲੇ ਅਸਿੱਧੇ ਤੌਰ ‘ਤੇ ਯੂਨੀਵਰਸਿਟੀ ‘ਚ ਐਂਟਰੀ ਭਾਲਦੇ ਹਨ। ਉਹਨਾਂ ਸਪਸ਼ਟ ਕਰ ਦਿੱਤਾ ਹੈ ਕਿ ਸਾਡੇ ਵਲੋਂ ਕੋਰੀ ਨਾਂਹ ਹੈ, ਅਸੀਂ ਹਰਿਆਣਾ ਦੇ ਕਿਸੇ ਵੀ ਕਾਲਜ ਨੂੰ ਮਾਨਤਾ ਨਹੀਂ ਦੇਵਾਂਗੇ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਕਹਿਣ ਲੱਗੇ ਕਿ ਉਹ ਇਸ ਦੇ ਲਈ ਪੈਸੇ ਦੇ ਦੇਣਗੇ ਤਾਂ ਉਨ੍ਹਾਂ ਕਿਹਾ ਕਿ ਫਿਰ ਤਾਂ ਕੱਲ੍ਹ ਨੂੰ ਤੁਸੀਂ ਪੈਸੇ ਦੇ ਕੇ ਪੰਜਾਬ ਦਾ ਵੀ ਮੁੱਲ ਪੁਆ ਲਵੋਗੇ। ਮੁੱਖ ਮੰਤਰੀ ਮਾਨ ਨੇ ਖ਼ੁਲਾਸਾ ਕੀਤਾ ਕਿ ਇਕ ਹਫ਼ਤਾ ਪਹਿਲਾਂ ਹਰਿਆਣਾ ਨੇ ਯੂਨੀਵਰਸਿਟੀਆਂ ਨੂੰ ਚਿੱਠੀ ਲਿਖੀ ਸੀ ਕਿ ਉਨ੍ਹਾਂ ਕੋਲ ਦੇਣ ਲਈ ਪੈਸਾ ਨਹੀਂ ਹੈ ਅਤੇ ਉਹ ਆਪਣੇ ਪੱਧਰ ‘ਤੇ ਦੇਖ ਲੈਣ ਅਤੇ ਸਾਨੂੰ ਉਹ ਪੈਸੇ ਦੇ ਕੇ ਯੂਨੀਵਰਸਿਟੀ ‘ਚ ਹਿੱਸੇਦਾਰੀ ਪਾਉਣਾ ਚਾਹੁੰਦੇ ਹਨ। ਇਸ ਦਾ ਮਤਲਬ ਹੈ ਕਿ ਇਹ ਪੈਸਾ ਦੇਣ ਵਾਲਾ ਕੋਈ ਹੋਰ ਹੈ। ਉਨ੍ਹਾਂ ਸਿੱਧੇ ਸ਼ਬਦਾਂ ‘ਚ ਕਿਹਾ ਕਿ ਯੂਨੀਵਰਸਿਟੀ ਨਾਲ ਕਿਸੇ ਤਰ੍ਹਾਂ ਦੀ ਕੋਈ ਛੇੜਛਾੜ ਨਹੀਂ ਹੋਵੇਗੀ ਕਿਉਂਕਿ ਇੱਥੋਂ ਦੇਸ਼ ਦੇ ਮਹਾਨ ਕਲਾਕਾਰ, ਸਾਹਿਤਕਾਰ ਅਤੇ ਸਿਆਸਤਦਾਨ ਨਿਕਲੇ ਹਨ, ਜਿਨ੍ਹਾਂ ਦੇ ਬੱਚਿਆਂ ਦਾ ਵੀ ਯੂਨੀਵਰਸਿਟੀ ਨਾਲ ਡੂੰਗਾ ਲਗਾਅ ਹੈ। ਉਨ੍ਹਾਂ ਕਿਹਾ ਕਿ ਉਹ ਯੂਨੀਵਰਸਿਟੀ ਦੇ ਹੱਕਾਂ ਲਈ ਲੜਨਗੇ। ਦਰਅਸਲ ਹਰਿਆਣਾ ਨੇ ਪੰਜਾਬ ਯੂਨੀਵਰਸਿਟੀ ਤੋਂ ਹਰਿਆਣਾ ਦੇ ਕੁੱਝ ਕਾਲਜਾਂ ਨੂੰ ਮਾਨਤਾ ਦਿਵਾਉਣ ‘ਤੇ ਯੂਨੀਵਰਸਿਟੀ ਨੂੰ ਗ੍ਰਾਂਟ ਦੇ ਤੌਰ ’ਤੇ 40 ਫ਼ੀਸਦੀ ਦੇਣ ਦੀ ਯੋਜਨਾ ਬਣਾਈ ਹੈ।