ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਹਾਈਕੋਰਟ ਨੇ ਇਕ ਵੱਡਾ ਝਟਕਾ ਦਿੱਤਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਸਰਕਾਰ ਵਲੋਂ ਬਰਖ਼ਾਸਤ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦਸਣਯੋਗ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਪਿਛਲੇ ਹਫ਼ਤੇ ਹੋਈ ਸੁਣਵਾਈ ਦੌਰਾਨ ਸਾਬਕਾ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ਨੂੰ ਹਾਈ ਕੋਰਟ ਦੇ ਜੱਜਾਂ ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ ਹਾਈ ਕੋਰਟ ਨੇ ਮਾਣਹਾਨੀ ਦਾ ਨੋਟਿਸ ਜਾਰੀ ਕੀਤਾ ਸੀ।ਉਸ ਦਿਨ ਸੁਣਵਾਈ ਖ਼ਤਮ ਹੋਣ ਤੋਂ ਬਾਅਦ ਬਲਵਿੰਦਰ ਸੇਖੋਂ ਨੇ ਹਾਈ ਕੋਰਟ ਦੇ ਬਾਹਰ ਮੁੜ ਤੋਂ ਜੱਜਾਂ ਖਿਲਾਫ਼ ਇਤਰਾਜ਼ ਟਿੱਪਣੀਆਂ ਕੀਤੀਆਂ ਸਨ। ਇਸ ਜਾਣਕਾਰੀ ਤੋਂ ਬਾਅਦ ਨੋਟਿਸ ਲੈਂਦੇ ਹੋਏ ਬਲਵਿੰਦਰ ਸਿੰਘ ਸੇਖੋਂ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਜਿਸ ਤੋਂ ਬਾਅਦ ਪੁਲਿਸ ਨੇ ਸੇਖੋਂ ਨੂੰ ਉਸਦੇ ਘਰੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਥੇ ਦਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵਿਵਾਦਾਂ ‘ਚ ਘਿਰੇ ਡੀਐੱਸਪੀ ਬਲਵਿੰਦਰ ਸੇਖੋਂ ਨੂੰ ਸਰਕਾਰ ਨੇ ਬਰਖ਼ਾਸਤ ਕਰ ਦਿੱਤਾ ਸੀ। ਇਲਜ਼ਾਮ ਇਹ ਸੀ ਕਿ ਸੇਖੋਂ ਨੇ ਡਿਊਟੀ ਦੌਰਾਨ ਸੀਮਾਵਾਂ ਦੀ ਪਾਲਣਾ ਨਹੀਂ ਕੀਤੀ ਤੇ ਸੋਸ਼ਲ ਮੀਡੀਆ ‘ਤੇ ਸਰਕਾਰ ਵਿਰੁੱਧ ਲਿਖਦੇ ਰਹੇ। ਇਨ੍ਹਾਂ ਦੋਸ਼ਾਂ ਕਾਰਨ ਸੇਖੋਂ ਨੂੰ ਲੰਬੇ ਸਮੇਂ ਲਈ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ ਪਰ ਜਾਂਚ ਤੋਂ ਬਾਅਦ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਅੱਜ ਹੁਣ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਬਰਖ਼ਾਸਤ ਡੀ.ਐਸ.ਪੀ. ਸੇਖੋਂ ਨੂੰ ਗ੍ਰਿਫਤਾਰ ਕਰ ਲਿਆ ਹੈ।