ਬਰਗਾੜੀ ਬੇਅਦਬੀ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ ਦੇ ਸਬੰਧ ਵਿਚ ਸਿੱਟ ਵਲੋਂ ਫਰੀਦਕੋਟ ਅਦਾਲਤ ’ਚ ਪੇਸ਼ ਕੀਤੀ ਚਾਰਜਸ਼ੀਟ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ। ਬੀਜੇਪੀ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਗਿਆ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ।
ਇਸ ਸਬੰਧੀ ਉਹਨਾਂ ਟਵੀਟ ਕਰਦਿਆਂ ਲਿਖਿਆ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਕਾਸ਼ ਸਿੰਘ ਬਾਦਲ ਜੀ ਨੂੰ ਕੋਟਕਪੂਰਾ ਗੋਲੀ ਕਾਂਡ ਤੋਂ ਬਰੀ ਹੋਣ ਤੱਕ ਆਪਣਾ ‘ਫ਼ਖ਼ਰ-ਏ-ਕੌਮ’ ਵਾਪਸ ਕਰਨ ਲਈ ਕਹਿਣਾ ਚਾਹੀਦਾ ਹੈ। ਇਹ ਵੀ ਗੱਲਾਂ ਕਹੀਆਂ ਜਾ ਰਹੀਆਂ ਹਨ ਕਿ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ’ਚ ਮਦਦ ਦੇਣ ਦੇ ਗੰਭੀਰ ਦੋਸ਼ ਸਾਹਮਣੇ ਆਉਣ ਨਾਲ ਸ੍ਰੀ ਬਾਦਲ ਨੇ ਪੰਥ ਦਾ ਵਿਸ਼ਵਾਸ ਗੁਆ ਲਿਆ ਹੈ। ਇਸ ਲਈ ਉਹ ‘ਫ਼ਖ਼ਰ-ਏ-ਕੌਮ’ ਕਹਾਉਣ ਦਾ ਹੁਣ ਕੋਈ ਹੱਕ ਨਹੀਂ ਰੱਖਦੇ, ਉਨ੍ਹਾਂ ਨੂੰ ਇਹ ਸਨਮਾਨ ਤੁਰਤ ਵਾਪਸ ਕਰ ਦੇਣਾ ਚਾਹੀਦਾ ਹੈ।
ਉਥੇ ਦੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਚਾਰਜਸ਼ੀਟ ਨੂੰ ਸਿਆਸੀ ਸਟੰਟ ਅਤੇ ਝੂਠ ਕਰਾਰ ਦਿੰਦਿਆਂ ਉਸਨੂੰ ਪ੍ਰਵਾਨ ਨਾ ਕਰਨ ਅਤੇ ਇਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦਾ ਵੀ ਐਲਾਨ ਕਰ ਦਿੱਤਾ ਹੈ।