ਲੋਕ ਸਭਾ ‘ਚ ਬੁੱਧਵਾਰ ਨੂੰ ਕਾਂਗਰਸ ਨੇ ਸਰਕਾਰ ਖਿਲਾਫ ਬੇਭਰੋਸਗੀ ਮਤਾ ਪੇਸ਼ ਕੀਤਾ। ਜਿਸ ਨੂੰ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਮਨਜ਼ੂਰੀ ਦੇ ਦਿੱਤੀ ਹੈ। ਦੁਪਹਿਰ 12 ਵਜੇ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋਣ ‘ਤੇ ਕਾਂਗਰਸ ਦੇ ਸੰਸਦ ਮੈਂਬਰ ਗੌਰਵ ਗੋਗੋਈ ਨੇ ਬੇਭਰੋਸਗੀ ਮਤਾ ਪੇਸ਼ ਕੀਤਾ। ਨਿਯਮਾਂ ਤਹਿਤ 50 ਤੋਂ ਵੱਧ ਸੰਸਦ ਮੈਂਬਰਾਂ ਦੇ ਸਮਰਥਨ ਤੋਂ ਬਾਅਦ ਸਪੀਕਰ ਨੇ ਕਿਹਾ ਕਿ ਬੇਭਰੋਸਗੀ ਮਤੇ ‘ਤੇ ਬਹਿਸ ਦਾ ਸਮਾਂ ਸਾਰੀਆਂ ਪਾਰਟੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਤੈਅ ਕੀਤਾ ਜਾਵੇਗਾ।
ਹਾਲਾਂਕਿ ਨਾਅਰੇਬਾਜ਼ੀ ਕਰਦੇ ਹੋਏ ਵਿਰੋਧੀ ਧਿਰ ਨੇ ਪੀਐਮ ਮੋਦੀ ਦੀ ਮੌਜੂਦਗੀ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਜਦੋਂ ਕਾਰਵਾਈ ਮੁੜ ਸ਼ੁਰੂ ਹੋਈ ਤਾਂ ਜੰਗਲਾਤ (ਸੰਭਾਲ) ਸੋਧ ਬਿੱਲ ਪਾਸ ਹੋ ਗਿਆ। ਹਾਲਾਂਕਿ ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸਦਨ ਦੀ ਕਾਰਵਾਈ ਨੂੰ ਵੀਰਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।
ਰਾਜ ਸਭਾ ਵਿੱਚ ਕਾਰਵਾਈ ਮੁੜ ਸ਼ੁਰੂ ਹੋਈ। ਪਰ ਵਿਰੋਧੀ ਧਿਰ ਦੇ ਸੰਸਦ ਮੈਂਬਰ ‘ਸਾਨੂੰ ਨਿਆਂ ਚਾਹੀਦਾ ਹੈ, ਪੀਐਮ ਮੋਦੀ ਜਵਾਬ ਦਿਓ’ ਦੇ ਨਾਅਰੇ ਲਗਾਉਂਦੇ ਰਹੇ। ਬਾਅਦ ਵਿਚ ਇਸ ਨੂੰ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ। ਦੁਪਹਿਰ 2 ਵਜੇ ਜਦੋਂ ਕਾਰਵਾਈ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਨੇ ਲਗਾਤਾਰ ਦੂਜੇ ਦਿਨ ਸਦਨ ਤੋਂ ਵਾਕਆਊਟ ਕਰ ਦਿੱਤਾ। ਹਾਲਾਂਕਿ ਸਦਨ ਵਿੱਚ ਕੁਝ ਬਿੱਲ ਪਾਸ ਹੋਣ ਮਗਰੋਂ ਕਾਰਵਾਈ 27 ਜੁਲਾਈ ਯਾਨੀ ਕੱਲ ਤੱਕ ਮੁਲਤਵੀ ਕਰ ਦਿੱਤੀ ਗਈ।