ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਅਤੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਪਤਨੀ ਦੀ ਬੀਮਾਰੀ ਕਾਰਨ ਅੰਤਰਿਮ ਜ਼ਮਾਨਤ ਦੀ ਅਰਜ਼ੀ ‘ਤੇ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਅੰਤਰਿਮ ਜ਼ਮਾਨਤ ‘ਤੇ ਸੁਣਵਾਈ 28 ਜੁਲਾਈ ਨੂੰ ਹੋਵੇਗੀ। ਜਸਟਿਸ ਸੰਜੀਵ ਖੰਨਾ, ਜਸਟਿਸ ਬੇਲਾ ਤ੍ਰਿਵੇਦੀ ਅਤੇ ਜਸਟਿਸ ਉੱਜਵਲ ਮੁਈਆਂ ਦੇ ਬੈਂਚ ਨੇ ਸੁਣਵਾਈ ਕੀਤੀ।
ਦੱਸ ਦੇਈਏ ਕਿ ਸੁਪਰੀਮ ਕੋਰਟ ਦਿੱਲੀ ਸ਼ਰਾਬ ਘੁਟਾਲੇ ਮਾਮਲੇ ‘ਚ ਦਿੱਲੀ ਦੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਹੈ। ਸਿਸੋਦੀਆ ਨੇ ਦਿੱਲੀ ਹਾਈ ਕੋਰਟ ਦੇ ਦੋ ਹੁਕਮਾਂ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਦਿੱਲੀ ਹਾਈ ਕੋਰਟ ਨੇ ਇਨ੍ਹਾਂ ਮਾਮਲਿਆਂ ‘ਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਦਿੱਲੀ ਹਾਈ ਕੋਰਟ ਨੇ ਸਿਸੋਦੀਆ ‘ਤੇ ਲੱਗੇ ਦੋਸ਼ਾਂ ਨੂੰ ਗੰਭੀਰ ਮੰਨਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
ਦੱਸ ਦੇਈਏ ਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਕੋਲ ਆਬਕਾਰੀ ਵਿਭਾਗ ਵੀ ਸੀ। ਉਹਨਾਂ ਨੂੰ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ 26 ਫਰਵਰੀ ਨੂੰ “ਘਪਲੇ” ਵਿੱਚ ਉਹਨਾਂ ਦੀ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਸੀ ਅਤੇ ਉਦੋਂ ਤੋਂ ਉਹ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਨੇ 28 ਫਰਵਰੀ ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਵੀ ਦੇ ਦਿੱਤਾ ਸੀ।