ਮਹਾਰਾਸ਼ਟਰ ਦੇ ਪਰਭਣੀ ਜ਼ਿਲ੍ਹੇ ਦੇ ਉਖਲਦ ਪਿੰਡ ਵਿਚ ਭੀੜ ਵੱਲੋਂ 3 ਸਿੱਖ ਨੌਜਵਾਨਾਂ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਸਿੱਖ ਭਾਈਚਾਰੇ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ। ਦਰਅਸਲ, ਮਾਮਲਾ ਕੁਝ ਇਸ ਤਰੀਕੇ ਦਾ ਹੈ ਕਿ ਪਿੰਡ ਉਖਲਦ ਵਿਖੇ ਇਕੱਠੇ ਹੋਏ ਲੋਕਾਂ ਨੇ 3 ਸਿੱਖ ਬੱਚਿਆਂ ਨੂੰ ਬੱਕਰੀ ਚੋਰ ਸਮਝ ਕੇ ਬੁਰੀ ਤਰ੍ਹਾਂ ਕੁੱਟਿਆ। ਜਿਸ ਤੋਂ ਬਾਅਦ ਇਨ੍ਹਾਂ ‘ਚੋਂ ਇਕ 14 ਸਾਲਾ ਬੱਚੇ ਦੀ ਮੌਤ ਹੋ ਗਈ, ਜਦਕਿ ਪੁਲਿਸ ਨੇ 2 ਨੌਜਵਾਨਾਂ ਨੂੰ ਬਚਾ ਕੇ ਹਸਪਤਾਲ ‘ਚ ਦਾਖਲ ਕਰਵਾਇਆ।
ਮਾਮਲੇ ‘ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਕੁਲ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁੱਖ ਦੋਸ਼ੀ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਪਟੇਲ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦਰਅਸਲ, 27 ਮਈ ਨੂੰ ਮਹਾਰਾਸ਼ਟਰ ਦੇ ਪਰਭਣੀ ‘ਚ 3 ਸਿੱਖ ਬੱਚਿਆਂ ਨੂੰ ਲੋਕਾਂ ਨੇ ਬੱਕਰੀ ਚੋਰ ਸਮਝ ਕੇ ਕੁੱਟ ਦਿੱਤਾ ਸੀ, ਜਿਨ੍ਹਾਂ ਵਿੱਚ ਇਕ ਸਿੱਖ ਬੱਚੇ ਦੀ ਮੌਤ ਹੋ ਗਈ ਹੈ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸਦੀ ਸਖ਼ਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਘਟਨਾ ਵਿਚ ਕਿਰਪਾਲ ਸਿੰਘ ਨਾਮੀ ਸਿੱਖ ਨੌਜੁਆਨ ਦਾ ਕਤਲ ਕਰ ਦਿੱਤਾ ਗਿਆ ਹੈ, ਜਦਕਿ ਦੋ ਹੋਰ ਸਿੱਖ ਅਵਤਾਰ ਸਿੰਘ ਤੇ ਅਰੁਣ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਹਨ। ਇਸ ਘਟਨਾ ਨੇ ਸਿੱਖ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ ਅਤੇ ਪੂਰੇ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ। ਇਹ ਘਿਨੌਣਾ ਅਪਰਾਧ ਮਨੁੱਖਤਾ ਦੇ ਨਾਂ ’ਤੇ ਧੱਬਾ ਹੈ, ਜਿਸ ਦੇ ਦੋਸ਼ੀ ਸਖ਼ਤ ਸਜ਼ਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਪੁਲਿਸ ਇਸ ਘਟਨਾ ਦੇ ਸਾਰੇ ਦੋਸ਼ੀਆਂ ਦੀ ਪਛਾਣ ਕਰੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਤੇ ਮਿਸਾਲੀ ਸਜ਼ਾ ਯਕੀਨੀ ਬਣਾਵੇ।