ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਪ੍ਰਦਰਸ਼ਨ ਨੂੰ ਲੈਕੇ ਭਾਜਪਾ ਨੇਤਾ ਅਤੇ ਸ਼੍ਰੋਮਣੀ ਕਮੇਟੀ ਹੁਣ ਆਹਮੋ-ਸਾਹਮਣੇ ਹੋ ਗਏ ਹਨ। ਭਲਵਾਨਾਂ ਦੇ ਪ੍ਰਦਰਸ਼ਨ ਨੂੰ ਸਮਰਥਨ ਦੇਣ ਦੇ ਐਲਾਨ ਤੋਂ ਬਾਅਦ ਭਾਜਪਾ ਨੇਤਾ ਮਨਜਿੰਦਰ ਸਿੰਘ ਸਿਰਸਾ ਦਾ ਇਸ ਸਬੰਧੀ ਇਕ ਟਵੀਟ ਸਾਹਮਣੇ ਆਇਆ ਹੈ। ਉਹਨਾਂ ਵੱਲੋਂ ਦਿੱਲੀ ਸਥਿਤ ਜੰਤਰ-ਮੰਤਰ ਉਤੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਨੂੰ ਸਮਰਥਨ ਦੇਣ ਦੇ ਐਸਜੀਪੀਸੀ ਦੇ ਫ਼ੈਸਲੇ ਉਤੇ ਇਤਰਾਜ਼ ਜਤਾਇਆ ਹੈ।
ਉਨ੍ਹਾਂ ਆਖਿਆ ਕਿ ਐਸਜੀਪੀਸੀ ਅੰਮ੍ਰਿਤਸਰ ਸਿੱਖਾਂ ਦੀ ਇੱਕ ਮਿੰਨੀ ਪਾਰਲੀਮੈਂਟ ਹੈ। ਇਸ ਦੀ ਜਿੰਮੇਵਾਰੀ ਸਿੱਖ ਕੌਮ ਦੇ ਧਾਰਮਿਕ ਮਸਲਿਆਂ ਤੱਕ ਹੀ ਸੀਮਤ ਹੈ। ਅਜਿਹਾ ਕੋਈ ਕਾਰਨ ਨਹੀਂ ਹੈ ਕਿ ਸ਼੍ਰੋਮਣੀ ਕਮੇਟੀ ਸਿਆਸੀ ਮਾਮਲਿਆਂ ਵਿੱਚ ਕੁੱਦ ਜਾਵੇ ਜੋ ਕਿਸੇ ਵਿਵਾਦ ਨੂੰ ਸੱਦਾ ਦੇਵੇ। ਜੇਕਰ ਉਹ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਬੇਅਦਬੀ ਜਾਂ ਸਿੱਖ ਮੁੱਦਿਆਂ ਨਾਲ ਸਬੰਧਤ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ। ਜਦੋਂ ਵੀ ਸ਼੍ਰੋਮਣੀ ਕਮੇਟੀ ਆਪਣੀ ਧਾਰਮਿਕ ਜ਼ਿੰਮੇਵਾਰੀ ਦੀਆਂ ਸੀਮਾਵਾਂ ਨੂੰ ਪਾਰ ਕਰਦੀ ਹੈ ਅਤੇ ਆਪਣੇ ਆਪ ਨੂੰ ਰਾਜਨੀਤਿਕ ਮਾਮਲਿਆਂ ਵਿੱਚ ਸ਼ਾਮਲ ਕਰਦੀ ਹੈ, ਤਾਂ ਇਸ ਨਾਲ ਸਮਾਜ ਦੇ ਅਕਸ ਨੂੰ ਠੇਸ ਪਹੁੰਚਦੀ ਹੈ। ਉਹਨਾਂ ਕਿਹਾ ਕਿ ਅਸੀਂ ਸਿੱਖ ਭਾਈਚਾਰੇ ਦੇ ਮੈਂਬਰ ਵਜੋਂ ਸਾਡੀਆਂ ਸਿਆਸੀ ਵਿਚਾਰਧਾਰਾਵਾਂ ਦੀ ਪਰਵਾਹ ਕੀਤੇ ਬਿਨਾਂ SGPC ਦਾ ਸਮਰਥਨ ਕਰਦੇ ਹਾਂ; ਇਸ ਲਈ ਮੈਂ SGPC ਨੂੰ ਨਿਮਰਤਾ ਸਹਿਤ ਬੇਨਤੀ ਕਰਦਾ ਹਾਂ ਕਿ ਉਹ ਰਾਜਨੀਤੀ ਤੋਂ ਉੱਪਰ ਉੱਠ ਕੇ ਕੇਵਲ ਧਾਰਮਿਕ ਮਾਮਲਿਆਂ ਅਤੇ ਸਿੱਖ ਕੌਮ ਦੇ ਹਿੱਤਾਂ ਵੱਲ ਧਿਆਨ ਦੇਣ।
ਦੱਸ ਦਈਏ ਕਿ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਸੀ ਕਿ ਦਿੱਲੀ ਸਥਿਤ ਜੰਤਰ-ਮੰਤਰ ’ਤੇ ਧਰਨਾ ਦੇ ਰਹੀਆਂ ਮਹਿਲਾ ਪਹਿਲਵਾਨਾਂ ਦੇ ਧਰਨੇ ਨੂੰ ਸਮਰਥਨ ਦੇਣ ਦਾ ਫ਼ੈਸਲਾ ਲਿਆ ਗਿਆ ਹੈ ਤੇ ਇਨ੍ਹਾਂ ਖਿਡਾਰਨਾਂ ਨੂੰ ਮਿਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਦਿੱਲੀ ਭੇਜਿਆ ਜਾਵੇਗਾ।