ਮਾਈਨਿੰਗ ਨੂੰ ਲੈਕੇ ਅਕਸਰ ਸਵਾਲ ਚੁੱਕੇ ਜਾਂਦੇ ਹਨ ਕਿ ਮਾਈਨਿੰਗ ਨਾਜਾਇਜ਼ ਤੌਰ ’ਤੇ ਹੁੰਦੀ ਹੈ ਜਿਸਦੇ ਵਿਚ ਵੱਡੀ ਗਿਣਤੀ ਦੇ ਵਿਚ ਮੁਨਾਫਾਖੋਰ ਮੁਨਾਫ਼ਾ ਖਾ ਜਾਂਦੇ ਹਨ ਤੇ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲਦੀ। ਹੁਣ ਪੰਜਾਬ ਸਰਕਾਰ ਵੱਡਾ ਕਦਮ ਚੁੱਕਣ ਜਾ ਰਹੀ ਹੈ।ਪੰਜਾਬ ਸਰਕਾਰ ਨੇ ਮਾਈਨਿੰਗ ਮਾਫੀਆ ‘ਤੇ ਸ਼ਿਕੰਜਾ ਕੱਸਦਿਆਂ ਰੇਤਾ-ਬੱਜਰੀ ਵਿਕਰੀ ਕੇਂਦਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਅੱਜ ਮੋਹਾਲੀ ਵਿੱਚ ਪਹਿਲਾ ਵਿਕਰੀ ਕੇਂਦਰ ਖੋਲ੍ਹਣ ਜਾ ਰਹੀ ਹੈ, ਜਿਸ ਵਿੱਚ ਰੇਤਾ-ਬੱਜਰੀ ਵੇਚਣ ਦਾ ਕੰਮ ਕੀਤਾ ਜਾਵੇਗਾ। ਪੰਜਾਬ ਸਰਕਾਰ ਦੇ ਇਸ ਕਦਮ ਨਾਲ ਜਿੱਥੇ ਇੱਕ ਪਾਸੇ ਰੇਤਾ-ਬੱਜਰੀ ਦੀਆਂ ਵਧਦੀਆਂ ਕੀਮਤਾਂ ‘ਤੇ ਲਗਾਮ ਲੱਗੇਗੀ, ਉੱਥੇ ਹੀ ਰੇਤ ਮਾਫ਼ੀਆ ‘ਤੇ ਵੀ ਕਾਬੂ ਪਾਇਆ ਜਾ ਸਕੇਗਾ ਤੇ ਪੰਜਾਬ ਦੇ ਲੋਕਾਂ ਨੂੰ ਰੇਤ ਆਸਾਨੀ ਨਾਲ ਮਿਲ ਸਕੇਗੀ।
ਇਹ ਜਾਣਕਾਰੀ ਖਣਨ ਮੰਤਰੀ ਹਰਜੋਤ ਬੈਂਸ ਨੇ ਇੱਕ ਟਵੀਟ ਰਾਹੀਂ ਦਿੱਤੀ ਹੈ। ਉਹਨਾਂ ਕਿਹਾ ਹੈ ਕਿ “ਪੰਜਾਬ ਵਿੱਚ ਮਾਈਨਿੰਗ ਮਾਫੀਆ ਦਾ ਅੰਤ… ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਰੇਤਾ-ਬੱਜਰੀ ਦੀ ਵਿਕਰੀ ਕੇਂਦਰ ਦਾ ਮੋਹਾਲੀ ‘ਚ ਉਦਘਾਟਨ ਕਰਨ ਜਾ ਰਹੇ ਹਨ, , ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਸਰਕਾਰ ਵੱਲੋਂ ਮਾਈਨਿੰਗ ਮਾਫੀਆ ਨੂੰ ਖਤਮ ਕਰਕੇ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਅਜਿਹੇ ਵਿਕਰੀ ਕੇਂਦਰ ਖੋਲ੍ਹੇ ਜਾਣਗੇ।”
ਵਿਕਰੀ ਕੇਂਦਰਾਂ ‘ਤੇ ਸਮੱਗਰੀ ਦੀ ਕੀਮਤ ਵੀ ਸੂਬਾ ਸਰਕਾਰ ਵੱਲੋਂ ਤੈਅ ਕੀਤੀ ਗਈ ਹੈ। ਇਹ ਵਿਕਰੀ ਕੇਂਦਰ ਈਕੋ ਸਿਟੀ, ਨਿਊ ਚੰਡੀਗੜ੍ਹ ਐਸ.ਏ.ਐਸ. ਨਗਰ (ਮੁਹਾਲੀ) ਵਿਚ ਖੋਲ੍ਹਿਆ ਜਾਵੇਗਾ। ਜ਼ਿਕਰਯੋਗ ਹੈ ਕਿ ਸਰਕਾਰ ਵੱਲੋਂ ਸਾਲ 2018 ਵਿਚ ਬਣਾਈ ਗਈ ਰੇਤ ਅਤੇ ਬੱਜਰੀ ਮਾਈਨਿੰਗ ਨੀਤੀ ਦੇ ਅਨੁਸਾਰ ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਰਾਜ ਨੂੰ ਸਾਲਾਨਾ ਆਧਾਰ ‘ਤੇ ਲਗਭਗ 350 ਲੱਖ ਟਨ ਨਿਰਮਾਣ ਸਮੱਗਰੀ ਦੀ ਲੋੜ ਹੈ।
ਦੱਸ ਦੇਈਏ ਕਿ ਪੰਜਾਬ ‘ਚ ਮਾਈਨਿੰਗ ‘ਤੇ ਪਾਬੰਦੀ ਅਤੇ ਸੂਬੇ ਦੀ ਮਾਈਨਿੰਗ ਨੀਤੀ ਨਾ ਬਣਾਏ ਜਾਣ ਕਾਰਨ ਰੇਤਾ-ਬੱਜਰੀ ਦੀਆਂ ਕੀਮਤਾਂ ‘ਚ ਇਕਦਮ ਤੇਜ਼ੀ ਆਈ ਹੈ। ਇਸ ਕਾਰਨ ਜਿੱਥੇ ਆਮ ਆਦਮੀ ਲਈ ਆਪਣਾ ਘਰ ਬਣਾਉਣਾ ਮੁਸ਼ਕਲ ਹੋ ਗਿਆ ਹੈ, ਉੱਥੇ ਹੀ ਕਈ ਸਰਕਾਰੀ ਪ੍ਰਾਜੈਕਟਾਂ ਦੇ ਨਿਰਮਾਣ ਕਾਰਜ ਵੀ ਠੱਪ ਹੋ ਗਏ ਹਨ। ਠੇਕੇਦਾਰਾਂ ਨੇ ਉਸਾਰੀ ਦਾ ਕੰਮ ਛੱਡ ਦਿੱਤਾ ਹੈ। ਰੇਤ ਮਾਫੀਆ ‘ਤੇ ਨੱਥ ਪਾ ਕੇ ਲੋਕਾਂ ਨੂੰ ਸਸਤੇ ਭਾਅ ‘ਤੇ ਰੇਤਾ-ਬੱਜਰੀ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਰਕਾਰ ਨੇ ਹੁਣ ਆਪਣੇ ਪੱਧਰ ‘ਤੇ ਰੇਤਾ ਬਜਰੀ ਦੇ ਵਿਕਰੀ ਕੇਂਦਰ ਖੋਲ੍ਹਣ ਦਾ ਫੈਸਲਾ ਕੀਤਾ ਹੈ।