ਰਾਵੀ ਦਰਿਆ ਵਿਚ ਪਾਣੀ ਵਧਣ ਕਾਰਨ ਬੰਦ ਕੀਤਾ ਗਿਆ ਕਰਤਾਰਪੁਰ ਲਾਂਘਾ ਮੁੜ ਤੋਂ ਖੋਲ੍ਹ ਦਿੱਤਾ ਗਿਆ ਹੈ। ਦਸ ਦਈਏ ਕਿ ਭਾਰੀ ਮੀਂਹ ਪੈਣ ਅਤੇ ਰਾਵੀ ਦਰਿਆ ਚ ਪਾਣੀ ਭਰ ਜਾਣ ਕਾਰਨ ਲਾਂਘੇ ‘ਤੇ ਆਵਾਜਾਈ 19 ਜੁਲਾਈ ਨੂੰ ਬੰਦ ਕਰ ਦਿੱਤੀ ਗਈ ਸੀ। ਉਸ ਵਖ਼ਤ ਇਹ ਵੀ ਜਾਣਕਾਰੀ ਮਿਲੀ ਸੀ ਕਿ ਗੁਰਦਾਸਪੁਰ ‘ਚ ਡੇਰਾ ਬਾਬਾ ਨਾਨਕ ਵਿਖੇ ਬਣੇ ਕਰਤਾਰਪੁਰ ਲਾਂਘੇ ਦੇ ਆਲੇ-ਦੁਆਲੇ ਰਾਵੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਸਰਹੱਦ ‘ਤੇ ਲੱਗੀ ਕੰਡਿਆਲੀ ਤਾਰ ਪਾਣੀ ‘ਚ ਡੁੱਬ ਗਈ ਹੈ। ਪਾਕਿਸਤਾਨ ਵਿੱਚ ਬਣੇ ਧੁੱਸੀ ਬੰਨ੍ਹ ਦੇ ਟੁੱਟਣ ਕਾਰਨ ਇਹ ਸਥਿਤੀ ਪੈਦਾ ਹੋਈ ਸੀ। ਜਿਸ ਤੋਂ ਬਾਅਦ ਵਿਗੜਦੇ ਹਾਲਾਤਾਂ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੀ ਯਾਤਰਾ ਨੂੰ ਬੰਦ ਕਰ ਦਿੱਤਾ ਗਿਆ ਸੀ।
ਉਧਰ ਡੇਰਾ ਬਾਬਾ ਨਾਨਕ ਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਹੁਣ ਰਾਹਤ ਕਾਰਜਾਂ ‘ਚ ਜੁੱਟ ਗਿਆ ਹੈ। ਰਾਹਤ ਟੀਮਾਂ ਵੱਲੋਂ ਡੇਰਾ ਬਾਬਾ ਨਾਨਕ ਨਜ਼ਦੀਕ ਰਾਵੀ ਦਰਿਆ ਤੋਂ ਪਾਰ ਪਿੰਡ ਘਣੀਏ-ਕੇ-ਬੇਟ ਇਲਾਕੇ ਵਿੱਚ ਵੀ ਲਗਾਤਾਰ ਲੋਕਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਰਾਹਤ ਸਮੱਗਰੀ ਵੰਡੀ ਜਾ ਰਹੀ ਹੈ। ਰਾਹਤ ਕਾਰਜਾਂ ਵਿੱਚ ਬੀਐੱਸਐੱਫ ਦੇ ਜਵਾਨਾਂ ਵੱਲੋਂ ਵੀ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ।
ਡੇਰਾ ਬਾਬਾ ਨਾਨਕ ਦੇ ਐੱਸਡੀਐੱਮ ਅਸ਼ਵਨੀ ਅਰੋੜਾ ਨੇ ਦੱਸਿਆ ਕਿ ਪ੍ਰਭਾਵਿਤ ਪਿੰਡਾਂ ਵਿੱਚ ਲੋਕਾਂ ਨੂੰ ਖਾਣ-ਪੀਣ ਦੀ ਸਮੱਗਰੀ ਦੇਣ ਦੇ ਨਾਲ ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵੱਲ ਵਿਸ਼ੇਸ਼ ਕੈਂਪ ਲਗਾ ਕੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਵੈਟਰਨਰੀ ਡਾਕਟਰਾਂ ਦੀ ਟੀਮ ਵੱਲ ਪਸ਼ੂਆਂ ਦੀਆਂ ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।