ਪੰਜਾਬੀ ਮਿਯੂਜ਼ਿਕ ਇੰਡਸਟਰੀ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨੂੰ ਸੁਲਝਾਉਣ ਵਿਚ ਲੱਗੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ 12 ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਕਿਉਂਕਿ ਇਹਨਾਂ ਅਧਿਕਾਰੀਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਜਿਸ ਤੋਂ ਬਾਅਦ ਸਖ਼ਤ ਕਦਮ ਚੁੱਕਦੇ ਹੋਏ ਅਧਿਕਾਰੀਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ Y ਸ੍ਰੇਣੀ ਦੀ ਸੁਰੱਖਿਆ ਦੇ ਦਿੱਤੀ ਗਈ ਹੈ।
ਦਿੱਲੀ ਪੁਲਿਸ ਦੇ ਮੁਤਾਬਕ ਸਪੈਸ਼ਲ ਸੀ.ਪੀ. ਐਚ.ਜੀ.ਐਸ. ਧਾਲੀਵਾਲ, ਡੀ.ਸੀ.ਪੀ. ਸਪੈਸ਼ਲ ਸੈੱਲ ਮਨੀਸ਼ੀ ਚੰਦਰਾ, ਡੀ.ਸੀ.ਪੀ. ਰਾਜੀਵ ਰੰਜਨ ਲਈ ਵਾਈ ਸ਼੍ਰੇਣੀ ਦੀ ਸੁਰੱਖਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹਨਾ ਤੋਂ ਇਲਾਵਾ ਚਾਰ ਏਸੀਪੀ ਤੇ ਪੰਜ ਇੰਸਪੈਕਟਰਾਂ ਨੂੰ ਵੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਦੇ ਨਾਲ ਹਥਿਆਰਬੰਦ ਪੁਲਿਸ ਕਮਾਂਡੋ 24 ਘੰਟੇ ਤਾਇਨਾਤ ਰਹਿਣਗੇ।
ਦੱਸਿਆ ਜਾਂਦਾ ਹੈ ਕਿ ਗੈਂਗਸਟਰ ਹਰਵਿੰਦਰ ਰਿੰਦਾ ਦੇ ਸਾਥੀ ਲਖਬੀਰ ਲੰਡਾ ਨੇ ਸੋਸ਼ਲ ਮੀਡੀਆ ਰਾਹੀਂ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਧਮਕੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਾਡੇ ਕੋਲ ਸਪੈਸ਼ਲ ਸੈੱਲ ਦੇ ਉਨ੍ਹਾਂ ਸਾਰੇ ਅਧਿਕਾਰੀਆਂ ਦੀਆਂ ਤਸਵੀਰਾਂ ਹਨ ਅਤੇ ਜੇਕਰ ਅਸੀਂ ਤੁਹਾਨੂੰ ਸੜਕਾਂ ‘ਤੇ ਦੇਖਦੇ ਹਾਂ ਤਾਂ ਚੰਗਾ ਨਹੀਂ ਹੋਵੇਗਾ। ਇਸ ਧਮਕੀ ਤੋਂ ਬਾਅਦ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੂੰ ਸੁਰੱਖਿਆ ਦਿੱਤੀ ਗਈ ਹੈ। ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇਕ ਦਿਨ ਬਾਅਦ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਹਮਲਾਵਰਾਂ ਨੇ ਮੂਸੇਵਾਲਾ ‘ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। 6 ਸ਼ੂਟਰਾਂ ਨੇ ਮੂਸੇਵਾਲਾ ਨੂੰ ਗੋਲੀਆਂ ਮਾਰਕੇ ਮਾਰ ਦਿੱਤਾ ਸੀ, ਜਿਨ੍ਹਾਂ ਵਿੱਚੋਂ 4 ਨੂੰ ਤਾਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ ਜਦਕਿ 2 ਸ਼ੂਟਰ ਪੁਲਿਸ ਮੁਕਾਬਲੇ ਦੌਰਾਨ ਅੰਮ੍ਰਿਤਸਰ ਦੇ ਅਟਾਰੀ ਵਿਖੇ ਮਾਰੇ ਗਏ ਸਨ।