ਬੇਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਇਸ ਵੇਲੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਨਹੀਂ ਕਰ ਰਹੇ ਪਰ ਉਹਨਾਂ ਨੇ ਇਹ ਦਾਅਵਾ ਕੀਤਾ ਹੈ ਕਿ ਉਹ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ‘ਤੇ ਖੁਦ ਨਿਗਰਾਨੀ ਰੱਖ ਰਹੇ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਤੋਂ ਸਰਦੂਲਗੜ੍ਹ ਤੱਕ ਹੜ੍ਹਾਂ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਲੋੜੀਂਦੀ ਮਦਦ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਉਹਨਾਂ ਨੇ ਪ੍ਰਸ਼ਾਸਨ, ਸਮਾਜਸੇਵੀ ਸੰਸਥਾਵਾਂ ਅਤੇ ਉਹਨਾਂ ਲੋਕਾਂ ਦੀ ਪ੍ਰਸ਼ੰਸਾ ਕੀਤੀ ਜੋ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਲੋੜਬੰਦਾਂ ਦੀ ਮਦਦ ਕਰ ਰਹੇ ਹੈ।
ਟਵੀਟ ਜਾਰੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਸਰਦੂਲਗੜ ਤੋਂ ਪਠਾਨਕੋਟ ਤੱਕ ਸਾਰੇ ਪੰਜਾਬ ਦੇ ਪਾਣੀ ਦੇ ਹਾਲਾਤਾਂ ਤੇ ਮੈਂ ਖੁਦ ਪਲ ਪਲ ਦੀ ਨਿਗਰਾਨੀ ਕਰ ਰਿਹਾ ਹਾਂ। ਪ੍ਰਸ਼ਾਸਨ,ਸਮਾਜਸੇਵੀ ਸੰਸਥਾਵਾਂ ਅਤੇ ਲੋਕ ਮਿਲਕੇ ਜੋ ਲੋੜਬੰਦਾਂ ਦੀ ਮਦਦ ਕਰ ਰਹੇ ਨੇ ਉਹ ਬਹੁਤ ਹੀ ਕਾਬਿਲੇ ਤਾਰੀਫ ਹੈ। ਸਰਕਾਰ ਹਮੇਸ਼ਾ ਲੋਕਾਂ ਦੇ ਨਾਲ ਰਹੇਗੀ।
ਦਸ ਦਈਏ ਕਿ ਪੰਜਾਬ ‘ਚ ਹੜ੍ਹਾਂ ਦੇ ਆਏ ਪਾਣੀ ਕਾਰਨ ਹਾਲਾਤ ਤਰਸਯੋਗ ਬਣੇ ਹੋਏ ਹਨ। ਵਿਰੋਧੀ ਪਾਰਟੀਆਂ ਵਲੋਂ ਇਸਦਾ ਜ਼ਿੰਮੇਵਾਰ ਸੂਬਾ ਸਰਕਾਰ ਅਤੇ ਮੁੱਖ ਮੰਤਰੀ ਮਾਨ ਨੂੰ ਠਹਿਰਾਇਆ ਜਾ ਰਿਹਾ ਹੈ। ਸਿਆਸੀ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ‘ਚ ਹਾਲਾਤ ਖਰਾਬ ਹਨ ਅਤੇ ਮੁੱਖ ਮੰਤਰੀ ਹੋਰਨਾਂ ਸੂਬਿਆਂ ‘ਚ ਘੁੰਮ ਰਹੇ ਹਨ ਅਤੇ ਹੁਣ ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਇਸ ਟਵੀਟ ਰਾਹੀਂ ਅਸਿੱਧੇ ਤੌਰ ‘ਤੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ।
Leave feedback about this