ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਇੱਕ ਵੱਡੀ ਘਟਨਾ ਵਾਪਰੀ। ਇਸਦੇ ਨਾਲ ਹੀ ਪਾਠ ਕਰ ਰਹੇ ਪਾਠੀ ਸਿੰਘਾਂ ‘ਤੇ ਦੀ ਵੀ ਕੁੱਟਮਾਰ ਕੀਤੀ ਗਈ। ਜਿਸ ਤੋਂ ਬਾਅਦ ਗੁਰਦੁਆਰੇ ‘ਚ ਮੌਜੂਦ ਲੋਕਾਂ ਨੇ ਬੇਅਦਬੀ ਕਰਨ ਵਾਲੇ ਨੌਜਵਾਨ ਨੂੰ ਫੜ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਸ ਘਟਨਾ ਕਾਰਨ ਪੂਰੇ ਸਿੱਖ ਭਾਈਚਾਰੇ ’ਚ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਇਨਸਾਫ ਦੀ ਮੰਗ ਨੂੰ ਲੈ ਕੇ ਸਿੱਖ ਸੰਗਤ ਵੱਲੋਂ ਮੋਰਿੰਡਾ ਦੇ ਵਿਸ਼ਵਕਰਮਾ ਚੌਂਕ ’ਤੇ ਅੱਧੀ ਰਾਤ ਨੂੰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸਿੱਖ ਸੰਗਤ ਵੱਲੋਂ ਇਨਸਾਫ ਦੀ ਮੰਗ ਕੀਤੀ ਗਈ। ਦੱਸ ਦਈਏ ਕਿ ਧਰਨਾ ਪ੍ਰਦਰਸ਼ਨ ਕਰ ਰਹੇ ਸਿੱਖ ਸੰਗਤ ਵੱਲੋਂ ਸੜਕ ਤੇ ਹੀ ਲੰਗਰ ਦਾ ਪ੍ਰਬੰਧ ਕਰ ਲਿਆ।
ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਬੀਤੀ ਰਾਤ ਟਵੀਟ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।
ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਨੂੰ ਲੈ ਕੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਨਿਖੇਧੀ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀਆਂ ਦੀਆਂ ਘਟਨਾਵਾਂ ਦਾ ਨਾ ਰੁਕਣ ਬਹੁਤ ਹੀ ਮੰਦਭਾਗਾ ਹੈ। ਸਰਕਾਰ ਦੀ ਢਿੱਲੀ ਕਾਰਵਾਈ ਕਾਰਨ ਬੇਅਦਬੀ ਕਰਨ ਵਾਲਿਆਂ ਦੇ ਹੌਂਸਲੇ ਵੱਧ ਰਹੇ ਹਨ।
ਦੱਸ ਦਈਏ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰ ਲਈ ਹੈ। ਮੋਰਿੰਡਾ ਪੁਲਿਸ ਨੇ ਧਾਰਾ 295-ਏ, 307, 323 ਅਤੇ 506 ਤਹਿਤ ਮਾਮਲਾ ਦਰਜ ਕੀਤਾ ਹੈ। ਬੇਅਦਬੀ ਕਰਨ ਵਾਲੇ ਸਖਸ਼ ਦੀ ਪਛਾਣ ਜਸਵੀਰ ਸਿੰਘ ਵਜੋਂ ਹੋਈ ਹੈ। ਐਸਐਸਪੀ ਵਿਵੇਕਸ਼ੀਲ ਸੋਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮਾਮਲੇ ਵਿੱਚ ਦੋਸ਼ੀ ਨੂੰ ਗ੍ਰਿਫਤਾਰ ਕਰ ਕੇ ਐੱਫਆਈਆਰ ਦਰਜ ਕਰ ਲਈ ਹੈ। ਫੜੇ ਗਏ ਦੋਸ਼ੀ ਦੀ ਪਛਾਣ ਜਸਵੀਰ ਸਿੰਘ ਉਰਫ ਜੱਸੀ ਵਜੋਂ ਹੋਈ ਹੈ। ਉਹ ਮੋਰਿੰਡਾ ਦਾ ਰਹਿਣ ਵਾਲਾ ਹੈ।