ਰਾਜਨੀਤੀ ਦੇ ਬਾਬਾ ਬੋਹੜ ਮੰਨੇ ਜਾਂਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਦਰਸ਼ਨਾਂ ਲਈ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਰੱਖੀ ਗਈ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਦੇ ਦਿਗੱਜ ਨੇਤਾ ਉਥੇ ਪਹੁੰਚੇ ਸਾਬਕਾ ਮੁੱਖ ਮੰਤਰੀ ਬਾਦਲ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਸਾਬਕਾ ਮੁੱਖ ਮੰਤਰੀ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪਹੁੰਚੇ।
ਇਸ ਮੌਕੇ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਦਰਮਿਆਨ ਉਹਨਾਂ ਦੇ ਨਾਲ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਵਿਖਾਈ ਦਿੱਤੇ।
ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਸ. ਬਾਦਲ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿਖੇ ਪਹੁੰਚੇ।
ਦਸ ਦਈਏ ਇਸ ਤੋਂ ਬਾਅਦ ਵੱਡੇ ਬਾਦਲ ਦੀ ਮ੍ਰਿਤਕ ਦੇਹ ਅੰਤਿਮ ਯਾਤਰਾ ਲਈ ਚੰਡੀਗੜ੍ਹ ਤੋਂ ਰਵਾਨਾ ਹੋ ਗਈ ਹੈ। ਇਹ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋਕੇ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ। ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।