ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਮਿਲਣ ‘ਤੇ ਇਨਸਾਫ਼ ਪਸੰਦ ਲੋਕਾਂ ਵਿਚ ਰੋਹ ਪਾਇਆ ਜਾ ਰਿਹਾ ਹੈ। ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਵਲੋਂ ਵੀ ਲਗਾਤਾਰ ਇਸਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੇ ਮੱਦੇਨਜ਼ਰ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਦੀ ਜਾਣਕਾਰੀ SGPC ਮੈਂਬਰ ਗੁਰਬਖ਼ਸ਼ ਸਿੰਘ ਖ਼ਾਲਸਾ ਨੇ ਦਿੱਤੀ। ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਰਾਮ ਰਹੀਮ ਦੀ ਪੈਰੋਲ ਖਿਲਾਫ਼ ਇਕ ਪਟੀਸ਼ਨ ਪਾਈ ਗਈ ਸੀ ਜਿਸ ਵਿਚ ਹਾਈਕੋਰਟ ਦੇ ਕਹਿਣ ਮੁਤਾਬਕ ਕੁਝ ਖਾਮੀਆਂ ਪਾਈਆਂ ਗਈਆਂ ਸੀ। ਇਸ ਵਾਰ ਹੁਣ ਅਸੀ ਉਹ ਸਾਰੀਆਂ ਖਾਮੀਆਂ ਨੂੰ ਪੂਰਾ ਕਰਕੇ ਇਕ ਵਾਰ ਫਿਰ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਪੈਰੋਲ ਖਿਲਾਫ਼ ਪਟੀਸ਼ਨ ਦਾਇਰ ਕਰ ਦਿੱਤੀ ਹੈ।
ਦਸ ਦਈਏ ਕਿ SGPC ਦੇ ਇਹ ਇਲਜ਼ਾਮ ਹਨ ਕਿ ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਕਿ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਰਾਮ ਰਹੀਮ ਸਾਧਵੀ ਦੇ ਜਿਨਸੀ ਸ਼ੋਸ਼ਣ ਅਤੇ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਹੈ। ਪੰਜਾਬ ਵਿੱਚ ਵੀ ਉਸ ਖ਼ਿਲਾਫ਼ ਕਈ ਕੇਸ ਦਰਜ ਹਨ, ਇਸ ਲਈ ਉਸ ਨੂੰ ਪੈਰੋਲ ਦੇਣਾ ਉਚਿਤ ਨਹੀਂ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਰਾਮ ਰਹੀਮ ਦੀ ਪਟੀਸ਼ਨ ਨੂੰ ਜਲਦੀ ਤੋਂ ਜਲਦੀ ਰੱਦ ਕਰਕੇ ਉਸ ਨੂੰ ਜੇਲ੍ਹ ਭੇਜਿਆ ਜਾਵੇ।
ਇਥੇ ਦਸ ਦਈਏ ਕਿ ਰਾਮ-ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਨੂੰ ਲੈਕੇ SGPC ਪ੍ਰਧਾਨ ਧਾਮੀ ਵਲੋਂ ਪਹਿਲਾਂ ਹੀ ਕਹਿ ਦਿੱਤਾ ਗਿਆ ਸੀ ਕਿ ਸ਼੍ਰੋਮਣੀ ਕਮੇਟੀ ਵਲੋਂ ਰਾਮ ਰਹੀਮ ਦੀ ਪੈਰੋਲ ਖਿਲਾਫ਼ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ, ਜਿਸ ਤਹਿਤ ਅੱਜ SGPC ਮੈਂਬਰ ਵਲੋਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਰਾਮ ਰਹੀਮ ਦੀ ਪੈਰੋਲ ਖਿਲਾਫ਼ ਪਟੀਸ਼ਨ ਪਾ ਦਿੱਤੀ ਗਈ ਹੈ।