ਬੰਦੀ ਸਿੰਘਾਂ ਦੀ ਰਿਹਾਈ ਦਾ ਸੇਕ ਹੁਣ ਲੋਕ ਸਭਾ ਵਿਚ ਵੀ ਪਹੁੰਚਣ ਲੱਗ ਪਿਆ ਹੈ। ਬਠਿੰਡਾ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੁੱਧਵਾਰ ਨੂੰ ਸੰਸਦ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਤੇ ਰਾਮ ਰਹੀਮ ਨੂੰ ਮਿਲ ਰਹੀ ਪੈਰੋਲ ‘ਤੇ ਭਾਜਪਾ ਸਰਕਾਰ ਨੂੰ ਨਿਸ਼ਾਨਾ ਬਣਾਇਆ ਹੈ। ਉਹਨਾਂ ਪਾਰਲੀਮੈਂਟ ‘ਚ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕੀਤੀ ਅਤੇ ਕਿਹਾ ਕਿ ਮੋਦੀ ਸਰਕਾਰ ਨੇ 2019 ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦਾ ਵਾਅਦਾ ਕੀਤਾ ਸੀ ਪਰ ਉਹ ਨਹੀਂ ਹੋਇਆ। ਇਸ ਦੇ ਉਲਟ ਉਹ ਰਾਮ-ਰਹੀਮ ਨੂੰ ਜੋ ਕਿ ਇਕ ਬਲਾਤਕਾਰੀ ਹੈ ਉਸਨੂੰ ਵਾਰ-ਵਾਰ ਪੈਰੋਲ ਦੇ ਰਹੇ ਹਨ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਤੇ ਗਰੀਬਾਂ ਨੂੰ ਫੇਲ੍ਹ ਬਣਾ ਚੁੱਕੀ ਹੈ, ਜਦੋਂ ਕਿ ਇਹ ਸਿੱਖ ਕੌਮ ਦੇ ਖ਼ਿਲਾਫ਼ ਵਿਤਕਰਾ ਕਰ ਰਹੀ ਹੈ। ਸੰਸਦ ‘ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਬਹਿਸ ਵਿੱਚ ਭਾਗ ਲੈਂਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਕੀਤੇ ਵਾਅਦੇ ਮੁਤਾਬਕ 2014 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ‘ਚ ਨਾਕਾਮ ਰਹੀ ਹੈ। ਆਮਦਨ ਦੁੱਗਣੀ ਕਰਨ ਦੀ ਤਾਂ ਗੱਲ ਹੀ ਛੱਡੋ, ਖੇਤੀਬਾੜੀ ਨਾਲ ਜੁੜੀਆਂ ਚੀਜ਼ਾਂ ਭਾਵੇਂ ਉਹ ਡੀਜ਼ਲ, ਬੀਜ, ਖਾਦਾਂ ਜਾਂ ਟਰੈਕਟਰ ਆਦਿ ਹੋਣ, ਦੀਆਂ ਕੀਮਤਾਂ ਕਈ ਗੁਣਾ ਵੱਧ ਗਈਆਂ ਹਨ।
ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਨੇ ਆਪ ਰਾਜ ਸਭਾ ਵਿੱਚ ਇਹ ਮੰਨਿਆ ਹੈ ਕਿ ਪਿਛਲੇ 6 ਸਾਲਾਂ ‘ਚ ਕਿਸਾਨਾਂ ਦਾ ਕਰਜ਼ਾ 53 ਫ਼ੀਸਦੀ ਵੱਧ ਗਿਆ ਹੈ। ਇਸ ਦੇ ਨਤੀਜੇ ਵਜੋਂ ਖੁਦਕੁਸ਼ੀਆਂ ਹੋ ਰਹੀਆਂ ਹਨ ਤੇ ਕੇਂਦਰ ਸਰਕਾਰ ਨੇ ਮੰਨਿਆ ਹੈ ਕਿ ਹਰ ਰੋਜ਼ 136 ਕਿਸਾਨ ਖੁਦਕੁਸ਼ੀ ਕਰਦੇ ਹਨ, ਯਾਨੀ ਕਿ ਸਾਲਾਨਾ 15000 ਕਿਸਾਨ ਖੁਦਕੁਸ਼ੀ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ 3 ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਸੰਘਰਸ਼ ਦਾ ਰਾਹ ਫੜਨਾ ਪਿਆ ਪਰ ਸਰਕਾਰ ਵੱਲੋਂ ਐੱਮਐੱਸਪੀ ਨੂੰ ਕਾਨੂੰਨੀ ਗਾਰੰਟੀ ਬਣਾਉਣ ਦਾ ਵਾਅਦਾ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ। ਜਿਨ੍ਹਾਂ ਨਾਲ ‘ਅੱਛੇ ਦਿਨਾਂ’ ਦਾ ਵਾਅਦਾ ਕੀਤਾ ਸੀ, ਉਨ੍ਹਾਂ ਨੂੰ ਅੱਤ ਦੀ ਮਹਿੰਗਾਈ, ਕਰਜ਼ਾ ਤੇ ਭੁੱਖਮਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਐੱਨ. ਸੀ. ਆਰ. ਬੀ. ਦੇ ਅੰਕੜਿਆਂ ਮੁਤਾਬਕ ਇਸ ਸਰਕਾਰ ਦੌਰਾਨ ਅਪਰਾਧ ‘ਚ 26 ਫ਼ੀਸਦੀ ਵਾਧਾ ਦਰਜ ਕੀਤਾ ਗਿਆ ਹੈ ਤੇ ਔਰਤਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧ ‘ਚ ਤਿੱਖਾ ਵਾਧਾ ਹੋਇਆ ਹੈ।