ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ਼ ਅਪਮਾਨਜਨਕ ਟਿੱਪਣੀ ਕਰਨ ਤੋਂ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਖਿਲਾਫ਼ ਮਾਨਹਾਣੀ ਦਾ ਕੇਸ ਦਰਜ ਕੀਤਾ ਗਿਆ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਬੀਤੇ ਕੱਲ੍ਹ ਸੂਰਤ ਦੀ ਇੱਕ ਅਦਾਲਤ ਨੇ ‘ਮੋਦੀ ਸਰਨੇਮ’ ਵਾਲੀ ਟਿੱਪਣੀ ‘ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ ਵਿੱਚ ਰਾਹੁਲ ਗਾਂਧੀ ਨੂੰ ਦੋਸ਼ੀ ਠਹਿਰਾਉਂਦੇ ਹੋਏ 2 ਸਾਲ ਦੀ ਸਜ਼ਾ ਸੁਣਾ ਦਿੱਤੀ ਸੀ। ਇਸ ਤੋਂ ਬਾਅਦ ਹੁਣ ਉਹਨਾਂ ਨੂੰ ਇਕ ਹੋਰ ਵੱਡਾ ਝਟਕਾ ਲੱਗਿਆ ਜਦੋਂ ਸੀਨੀਅਰ ਕਾਂਗਰਸੀ ਲੀਡਰ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿੱਪ ਵੀ ਰੱਦ ਕਰ ਦਿੱਤੀ ਗਈ ਹੈ। ਹਾਸਲ ਹੋਈ ਜਾਣਕਾਰੀ ਮੁਤਾਬਕ ਹੁਣ ਰਾਹੁਲ ਗਾਂਧੀ 6 ਸਾਲ ਤੱਕ ਕੋਈ ਚੋਣ ਨਹੀਂ ਲੜ ਸਕਣਗੇ । ਯਾਨੀ ਹੁਣ ਰਾਹੁਲ ਗਾਂਧੀ 2024 ਦੀਆਂ ਲੋਕਸਭਾ ਚੋਣਾਂ ਨਹੀਂ ਲੜ ਸਕਣਗੇ।
ਇਹ ਫੈਸਲਾ ਲੋਕ ਸਭਾ ਸਪੀਕਰ ਵਲੋਂ ਲਿਆ ਗਿਆ ਹੈ ਅਤੇ ਇਸ ਸਬੰਧੀ ਲੋਕ ਸਭਾ ਸਕੱਤਰੇਤ ਵਲੋਂ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਸੰਬੰਧੀ ਆਦੇਸ਼ 23 ਮਾਰਚ ਤੋਂ ਪ੍ਰਭਾਵੀ ਹੋਵੇਗੀ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਸੰਵਿਧਾਨ ਦੀ ਧਾਰਾ 102 (1) ਅਤੇ ਜਨ ਪ੍ਰਤੀਨਿਧੀਤੱਵ ਐਕਟ 1951 ਧਾਰਾ 8 ਦੇ ਅਧੀਨ ਅਯੋਗ ਐਲਾਨ ਕੀਤੇ ਗਏ ਹਨ।
ਦੱਸਣਯੋਗ ਹੈ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਰਨਾਟਕ ਦੇ ਕੋਲਾਰ ’ਚ ਇਕ ਰੈਲੀ ਦੌਰਾਨ ਰਾਹੁਲ ਨੇ ਆਪਣੇ ਭਾਸ਼ਣ ’ਚ ਕਿਹਾ ਸੀ ਕਿ ‘ਚੋਰਾਂ ਦਾ ਸਰਨੇਮ ਮੋਦੀ’ ਹੈ। ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉਂ ਹੁੰਦਾ ਹੈ, ਭਾਵੇਂ ਉਹ ਲਲਿਤ ਮੋਦੀ ਹੋਵੇ ਜਾਂ ਨੀਰਵ ਮੋਦੀ ਹੋਵੇ, ਭਾਵੇਂ ਨਰਿੰਦਰ ਮੋਦੀ। ਇਸ ਕੇਸ ਦੀ ਸੁਣਵਾਈ ਦੌਰਾਨ ਰਾਹੁਲ ਗਾਂਧੀ ਤਿੰਨ ਵਾਰ ਕੋਰਟ ’ਚ ਪੇਸ਼ ਹੋਏ ਸਨ। ਆਖਰੀ ਵਾਰ ਅਕਤੂਬਰ 2021 ਦੀ ਪੇਸ਼ੀ ਦੌਰਾਨ ਉਨ੍ਹਾਂ ਨੇ ਖੁਦ ਨੂੰ ਨਿਰਦੋਸ਼ ਦੱਸਿਆ ਸੀ।