ਸਰਦ ਰੁੱਤ ਦੇ ਸੈਸ਼ਨ ਦੌਰਾਨ ‘ਆਮ ਆਦਮੀ ਪਾਰਟੀ’ ਦੇ ਸਾਂਸਦ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਪਰਾਲੀ ਸਾੜਨ ਦਾ ਮੁੱਦਾ ਸੰਸਦ ਵਿੱਚ ਚੁੱਕਿਆ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜਾਰੀ ਹੋਈ ਇਕ ਰਿਪੋਰਟ ’ਚ ਇਹ ਸਾਬਤ ਹੋਇਆ ਹੈ ਕਿ ਸਿਰਫ਼ 6 ਪ੍ਰਤੀਸ਼ਤ ਪਰਾਲੀ ਸਾੜਨ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਬਾਕੀ 94 ਪ੍ਰਤੀਸ਼ਤ ਹੋਰ ਕਾਰਨਾਂ ਕਾਰਨ ਵਾਤਾਵਰਣ ਦੂਸ਼ਿਤ ਹੁੰਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਰਾਲੀ ਦੀ ਸਮੱਸਿਆ ਦਾ ਹੱਲ ਕਿਸਾਨਾਂ ਨੂੰ ਸਜ਼ਾ ਦੇਣਾ ਨਹੀਂ ਹੈ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਨੂੰ ਸੁਝਾਅ ਦਿੱਤਾ ਸੀ ਕਿ ਪਰਾਲੀ ਨਾ ਸਾੜਨ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਸਹਾਇਤਾ ਦਿੱਤੀ ਜਾਵੇ। ਹੁਣ ਮੋਦੀ ਸਰਕਾਰ ਨੂੰ ਇਸ ਸੁਝਾਅ ‘ਤੇ ਜਲਦੀ ਫੈਸਲਾ ਲੈਣਾ ਚਾਹੀਦਾ ਹੈ।
ਦੱਸ ਦਈਏ ਕਿ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਪਰਾਲੀ ਸਾੜਨ ਦੇ ਮੁੱਦੇ ਉੱਪਰ ਕਾਫੀ ਕਸ਼ਮਕਸ਼ ਚੱਲ ਰਹੀ ਹੈ। ਬੇਸ਼ੱਕ ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘਟੇ ਹਨ ਪਰ ਨਾਲ ਹੀ ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਪਾਈ ਗਈ ਸੀ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਇਹ ਕਦਮ ਕੇਂਦਰ ਸਰਕਾਰ ਦੇ ਦਬਾਅ ਕਰਕੇ ਚੁੱਕਿਆ ਸੀ।
ਇਥੇ ਦਸਣਯੋਗ ਹੈ ਕਿ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਤੋਂ ਰੋਕਣ ਲਈ ਸੂਬਾ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਿਲਆ ਹੈ। ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਅੱਗ ਲੱਗਣ ਦੇ ਕੇਸਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 30 ਫੀਸਦੀ ਕਮੀ ਦਰਜ ਕੀਤੀ ਗਈ ਹੈ। ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਦਾਅਵਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਜਿੱਥੇ ਇਨ-ਸੀਟੂ ਤੇ ਐਕਸ ਸੀਟੂ ਪ੍ਰਬੰਧਨ ਕੀਤਾ ਗਿਆ ਉਥੇ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਸਨਮਾਨਤ ਕਰਨ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕਰਕੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਿਛਲੇ ਸਾਲ 2021 ਵਿੱਚ 15 ਸਤੰਬਰ ਤੋਂ 30 ਨਵੰਬਰ ਤੱਕ ਅੱਗ ਲੱਗਣ ਦੀਆਂ 71,304 ਘਟਨਾਵਾਂ ਵਾਪਰੀਆਂ ਜਦੋਂਕਿ ਇਸ ਸਾਲ ਇਸੇ ਸਮੇਂ ਦੌਰਾਨ 49,907 ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ। ਇਸ ਤਰ੍ਹਾਂ ਇਸ ਸਾਲ 30 ਫੀਸਦੀ ਕਮੀ ਦਰਜ ਕੀਤੀ ਗਈ।