ਆਪਣੀ ਸਰਕਾਰ ਬਣਨ ਦੇ ਇਕ ਸਾਲ ਪੂਰਾ ਹੋਣ ‘ਤੇ ਮਾਨ ਸਰਕਾਰ ਵਲੋਂ ਆਪਣਾ ਸਾਲ 2023-24 ਦਾ ਪੂਰਾ ਬਜਟ ਪੇਸ਼ ਕੀਤ ਗਿਆ। ਇਸ ਬਜਟ ਦੇ ਪੇਸ਼ ਹੋਣ ਤੋਂ ਬਾਅਦ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਜਿਸ ਦਾ ਕਰਾਰਾ ਜਵਾਬ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਵਿਰੋਧੀਆਂ ‘ਤੇ ਤੰਜ ਕੱਸਿਆ ਹੈ। ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ “ਪੰਜਾਬ ਦੇ ਖ਼ਜ਼ਾਨੇ ਨੂੰ ‘ਖਾਲੀ ਪੀਪਾ” ਬਣਾ ਕੇ 9 ਵਾਰ ਬਜਟ ਪੇਸ਼ ਕਰਨ ਵਾਲੇ ..ਜਿੰਨਾ ਦੇ ਰਿਸ਼ਤੇਦਾਰਾਂ ਦੇ ਨਾਮ ਉੱਤੇ “ਟੈਕਸ” ਵਸੂਲਿਆ ਜਾਂਦਾ ਰਿਹਾ ..ਨੀਲੀ ਤੋਂ ਪੀਲ਼ੀ..ਪੀਲ਼ੀ ਤੋਂ ਚਿੱਟੀ ਤੇ ਚਿੱਟੀ ਤੋਂ ਭਗਵੀਂ ਪੱਗ ਰੰਗਣ ਵਾਲੇ ਵੀ ਸਾਡੇ ਲੋਕ ਪੱਖੀ ਬਜਟ ਬਾਰੇ ਨੁਕਤਾਚੀਨੀ ਕਰ ਰਹੇ ਨੇ ! ..ਰੱਬ ਪੰਜਾਬ ਤੇ ਮੇਹਰ ਕਰੇ..”
ਇਥੇ ਦਸਣਯੋਗ ਹੈ ਕਿ ਬਜਟ ਪੇਸ਼ ਹੋਣ ਤੋਂ ਬਾਅਦ ਬੀਜੇਪੀ ਵਲੋਂ ਇਕ ਪ੍ਰੈੱਸ ਵਾਰਤਾ ਕੀਤੀ ਗਈ ਸੀ। ਇਸ ਦੌਰਾਨ ਮਨਪ੍ਰੀਤ ਬਾਦਲ ਨੇ ਕਿਹਾ ਸੀ ਕਿ ਇਹ ਹੈ ਆਮ ਆਦਮੀ ਪਾਰਟੀ ਦਾ ਬਜਟ, ਗੱਲਾਂ ਵਿਚ ਲੰਮਾ, ਕਾਰਵਾਈ ਵਿਚ ਛੋਟਾ ਹੈ। ਇਸ ਸਰਕਾਰ ਨੇ ਇਸ਼ਤਿਹਾਰਾਂ ਅਤੇ ਪ੍ਰਚਾਰ ’ਤੇ ਕਿੰਨਾ ਪੈਸਾ ਖਰਚ ਕੀਤਾ ਹੈ, ਜੋ ਕਿ ਮੈਂ ਪੁਖ਼ਤਾ ਦਸਤਾਵੇਜਾਂ ਸਮੇਤ ਤੱਥਾਂ ਦੇ ਅਧਾਰ ‘ਤੇ ਜ਼ਰੂਰ ਖ਼ੁਲਾਸਾ ਕਰਾਂਗਾ। ਇਸ ਤੋਂ ਇਲਾਵਾ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਵੀ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਬਜਟ ’ਤੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ‘ਖੋਦਿਆ ਪਹਾੜ ਅਤੇ ਨਿਕਲਿਆ ਚੂਹਾ’ ਵਾਲੀ ਕਹਾਵਤ ਨੂੰ ਸੱਚ ਕਰਨ ਵਾਲਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਬਜਟ ਤੋਂ ਸੂਬੇ ਦੀ ਜਨਤਾ ਨੂੰ ਬਹੁਤ ਉਮੀਦਾਂ ਸਨ ਪਰ ਇਹ ਬਜਟ ਸਭ ਨੂੰ ਪ੍ਰੇਸ਼ਾਨ ਕਰਨ ਵਾਲਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਚੁੱਕੀ ਹੈ। ਭਗਵੰਤ ਮਾਨ ਸਰਕਾਰ ਨੇ ਇਸ ਬਜਟ ਵਿਚ ਨਾ ਤਾਂ ਕਿਸਾਨਾਂ ਦੇ ਕਰਜ਼ਾ ਮੁਆਫ਼ੀ ’ਤੇ ਨਾ ਹੀ ਔਰਤਾਂ ਨੂੰ ਇਕ ਹਜ਼ਾਰ ਪ੍ਰਤੀ ਮਹੀਨਾ ਦੇਣ ਦਾ ਕੋਈ ਐਲਾਨ ਕੀਤਾ।
ਇਸ ਦੇ ਨਾਲ ਹੀ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ’ਤੇ ਪ੍ਰਤੀਕਰਮ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮਾਲੀਏ ਵਿਚ ਵਾਧੇ ਦੇ ਦਾਅਵਿਆਂ ਨੂੰ ਖਾਰਜ ਕਰਦਿਆਂ ਕਿਹਾ ਕਿ ਅੰਕੜਿਆਂ ਦਾ ਹੇਰ-ਫੇਰ ਕਰਕੇ ਪੰਜਾਬੀਆਂ ਤੋਂ ਸੱਚਾਈ ਲੁਕਾਈ ਗਈ ਹੈ। ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਸੂਬੇ ਸਿਰ ਕਰਜ਼ਾ 42181 ਕਰੋੜ ਰੁਪਏ ਹੋਰ ਵੱਧ ਕੇ 3.47 ਲੱਖ ਕਰੋੜ ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਰਜ਼ਾ ਜੀ.ਐੱਸ.ਡੀ.ਪੀ. ਦਾ 46.81 ਫੀਸਦੀ ਬਣਦਾ ਹੈ ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਸੂਬਾ ਆਰਥਿਕ ਕੰਗਾਲੀ ਵੱਲ ਵਧ ਰਿਹਾ ਹੈ। ਅੰਤ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਜਟ ’ਤੇ ਬੋਲਦਿਆਂ ਕਿਹਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਵਿਚ ਕੀਤੇ ਗਏ ਆਪਣੇ ਹੀ ਐਲਾਨਾਂ ਨਾਲ ਪੂਰੀ ਤਰ੍ਹਾਂ ਬੇਨਕਾਬ ਹੋ ਗਈ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਇਸ ਬਜਟ ਨੇ ਫੇਲ੍ਹ ਹੋਈ ਸਰਕਾਰ ਨੂੰ ਸ਼ੀਸ਼ਾ ਦਿਖਾਉਣ ਦਾ ਕੰਮ ਕੀਤਾ ਹੈ। ਵੜਿੰਗ ਨੇ ਟਿੱਪਣੀ ਕਰਦਿਆਂ ਕਿਹਾ ਕਿ ਬਜਟ 2023-24 ‘ਆਪ’ ਸਰਕਾਰ ਦੀਆਂ ਅਸਫਲਤਾਵਾਂ ਦਾ ਸਬੂਤ ਹੈ।