ਅੱਜ ਯਾਨੀ 26 ਦਸੰਬਰ ਨੂੰ ਦਿੱਲੀ ਦੇ ਮੇਜਰ ਧਿਆਨ ਚੰਦ ਨੈਸ਼ਨਲ ਸਟੇਡੀਅਮ ਵਿਖੇ ਛੋਟੇ ਸਾਹਿਬਜ਼ਾਦਿਆਂ ਨੂੰ ਸਪਰਪਿਤ ਵੀਰ ਬਾਲ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਕੁਝ ਸਿੱਖ ਸੰਸਥਾਵਾਂ ਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਹਨ। ਇਸ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਤੇ ਐਸਜੀਪੀਸੀ ਨੂੰ ਬੇਨਤੀ ਕਰਦਾ ਹਾਂ ਕਿ ਇੰਨੀ ਵੱਡੀ ਕੁਰਬਾਨੀ ਨੂੰ ਸ਼ਬਦਾਂ ਵਿੱਚ ਬਨ੍ਹੰਣ ਦੀ ਗੱਲ ਨਾ ਕਰੀਏ। ਸਾਨੂੰ ਲੋੜ ਹੈ ਕਿ ਉਨ੍ਹਾਂ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੋਈਏ। ਇਸ ਨੂੰ ਕਿਸੇ ਵੀ ਤਰ੍ਹਾਂ ਦੀ ਕੰਟਰੋਵਰਸੀ ਵਿੱਚ ਪੈਣ ਦੀ ਬਜਾਏ ਸ਼ਹੀਦਾਂ ਦੀ ਸ਼ਹਾਦਤ ਨੂੰ ਨਤਮਸਤਕ ਹੋਈਏ। ਉਨ੍ਹਾਂ ਕਿਹਾ ਕਿ ਸਫਰ-ਏ-ਸ਼ਹਾਦਤ ਦੇ ਤੌਰ ‘ਤੇ ਪੰਜਾਬ ਸਰਕਾਰ ਨੇ ਇਸ ਸ਼ਹੀਦੀ ਜੋੜ ਮੇਲ ਨੂੰ ਯਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਸਰਕਾਰ ਦੇ ਨੁਮਾਇੰਦਿਆ ਨੇ ਸਰਸਾ ਨਦੀ ਤਕ ਯਾਤਰਾ ਕੀਤੀ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾਉਣ ਦਾ ਕੁਝ ਸਿੱਖ ਸੰਸਥਵਾਂ ਵੱਲੋਂ ਸਖਤ ਵਿਰੋਧ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਵੱਲੋਂ ਮਨਾਏ ਜਾ ਰਹੇ ਵੀਰ ਬਾਲ ਦਿਵਸ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਇਸ ਨੂੰ ਸਾਹਿਬਜ਼ਾਦੇ ਸ਼ਹਾਦਤ ਦਿਵਸ ਵਜੋਂ ਮਨਾਉਣ ਦੀ ਅਪੀਲ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਦਿੱਲੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿੱਚ ਹੋਏ ਇਤਿਹਾਸਕ ਸਮਾਗਮ ’ਚ ਹਿੱਸਾ ਲਿਆ। ਕੇਂਦਰ ਸਰਕਾਰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਨਾ ਰਹੀ ਹੈ। ਮੋਦੀ ਨੇ ਇਸ ਮੌਕੇ ਕਰੀਬ ਤਿੰਨ ਹਜ਼ਾਰ ਬੱਚਿਆਂ ਦੇ ਮਾਰਚ-ਪਾਸਟ ਨੂੰ ਹਰੀ ਝੰਡੀ ਦਿਖਾਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਮਾਮਲੇ ਵਿੱਚ ਕੇਂਦਰ ’ਤੇ ਦੋਸ਼ ਲਾਇਆ ਕਿ ਉਹ ਸਿੱਖਾਂ ਦੇ ਇਤਿਹਾਸ ਨੂੰ ਰਲਗੱਡ ਕਰਨਾ ਚਾਹੁੰਦੀ ਹੈ। ਸਿੱਖ ਕੌਮ ਦੀਆਂ ਪ੍ਰੰਪਰਾਵਾਂ ਖ਼ਿਲਾਫ਼ ਜਾ ਕੇ ਭਾਰਤ ਸਰਕਾਰ ਵੱਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਵਸ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣਾ ਦੁਨੀਆ ਦੇ ਧਰਮ ਇਤਿਹਾਸ ਅੰਦਰ ਸਭ ਤੋਂ ਵੱਡੀ ਸ਼ਹਾਦਤ ਤੇ ਮੁੱਲਵਾਨ ਵਿਰਾਸਤ ਨੂੰ ਖੋਰਾ ਲਗਾਉਣ ਦੀ ਕੋਝੀ ਸਾਜ਼ਿਸ਼ ਹੈ।