ਮੰਨੀਆਂ ਮੰਗਾਂ ਸਰਕਾਰ ਵਲੋਂ ਲਾਗੂ ਨਾ ਕਰਨ ਦੇ ਰੋਸ ਵਿਚ ਪਨਬੱਸ ਅਤੇ ਪੀ.ਆਰ.ਟੀ.ਸੀ ਮੁਲਾਜ਼ਮਾਂ ਵਲੋਂ ਅੱਜ ਸੂਬੇ ਭਰ ਵਿੱਚ ਬੱਸਾਂ ਦਾ ਮੁਕੰਮਲ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਹੈ ਕਿ ਸਰਕਾਰ ਨੇ ਸਾਡੀਆਂ ਮੰਗਾਂ ਤਾਂ ਮੰਨ ਲਈਆਂ ਹਨ ਪਰ ਅਜੇ ਤੱਕ ਉਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ, ਜਿਸ ਕਾਰਨ ਸਾਨੂੰ ਹੜਤਾਲ ‘ਤੇ ਜਾਣਾ ਪਿਆ। ਇਹ ਵੀ ਪਤਾ ਚੱਲਿਆ ਹੈ ਕਿ ਜਥੇਬੰਦੀ ਵੱਲੋਂ 28 ਜੂਨ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦਾ ਮੁਕੰਮਲ ਘਿਰਾਓ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਹੜਤਾਲ ਕਾਰਨ ਪੂਰੇ ਸੂਬੇ ਵਿੱਚ 3 ਹਜ਼ਾਰ ਬੱਸਾਂ ਦਾ ਚੱਕਾ ਜਾਮ ਹੈ।
ਯੂਨੀਅਨ ਦੇ ਅਹੁਦੇਦਾਰਾਂ ਨੇ ਕਿਹਾ ਹੈ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ-ਨਾਲ ਵਿਭਾਗ ਦੇ ਐਮਡੀ ਤੇ ਹੋਰ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਪਰ ਕੋਈ ਨਤੀਜਾ ਨਹੀਂ ਨਿਕਲਿਆ। ਇਸ ਤੋਂ ਬਾਅਦ ਮੁਲਾਜ਼ਮ ਯੂਨੀਅਨ ਨੇ 27 ਤੇ 28 ਜੂਨ ਨੂੰ ਚੱਕਾ ਜਾਮ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪੀਆਰਟੀਸੀ ਵਿੱਚ ਕਿਲੋਮੀਟਰ ਸਕੀਮ ਬੱਸਾਂ ਦੇ ਟੈਂਡਰ ਕੱਢਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਜਥੇਬੰਦੀ ਵੱਲੋਂ ਹੋਰ ਲਟਕਦੀਆਂ ਮੰਗਾਂ ਸਮੇਤ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।