ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲਗਾਈ ਗਈ ਹੈ ਜਿਸ ਵਿਚ ਸਿੱਖ ਸੰਸਥਾ ਦਾ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ, ਬੰਦੀ ਸਿੱਖਾਂ ਦੀ ਰਿਹਾਈ ਲਈ ਪਹਿਲੀ ਦਸੰਬਰ ਤੋਂ ਦੇਸ਼ ਪੱਧਰੀ ਦਸਤਖਤੀ ਮੁਹਿੰਮ ਸ਼ੁਰੂ ਕਰਨ, ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਅਤੇ ਵਿਿਦਅਕ ਅਦਾਰਿਆਂ ਵਿੱਚ ਸਿਰੋਪੇ ਦੀ ਬੇਲੋੜੀ ਵਰਤੋਂ ਨੂੰ ਰੋਕਣ ਅਤੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਅੰਤਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਵਿਚ ਅਗਲੇ 6 ਮਹੀਨਿਆਂ ਲਈ ਭਰਤੀ ’ਤੇ ਮੁਕੰਮਲ ਰੋਕ ਲਗਾਉਣ ਦਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੀਤੇ ’ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਦੀ ਥਾਂ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਸੀ, ਜਿਸ ਨੂੰ ਲੈ ਕੇ ਅੱਜ ਮੁੜ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਇਹ ਫੈਸਲਾ ਲਾਗੂ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਿੱਖ ਇਤਿਹਾਸ ਦਾ ਅਹਿਮ ਪੰਨਾ ਹੈ, ਜਿਸ ਨੂੰ ਸਿੱਖ ਵਿਰਸੇ ਅਤੇ ਗੁਰਮਤਿ ਦੀ ਭਾਵਨਾ ਅਨੁਸਾਰ ਹੀ ਮਨਾਇਆ ਜਾਣਾ ਚਾਹੀਦਾ ਹੈ। ਇਸ ਲਈ ਭਾਰਤ ਸਰਕਾਰ ਇਸ ਦਿਹਾੜੇ ਦਾ ਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਕੀਤੀ ਕਮੇਟੀ ਦੇ ਸੁਝਾਅ ਅਨੁਸਾਰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਉਣ ਦਾ ਐਲਾਨ ਕਰੇ। ਅੰਤਰਿਗ ਕਮੇਟੀ ਵਿਚ ਸਿਰੋਪੇ ਦੀ ਸੁਚੱਜੀ ਵਰਤੋਂ ਲਈ ਵੀ ਨਿਯਮ ਨਿਰਧਾਰਤ ਕੀਤੇ ਗਏ ਹਨ। ਹੁਣ ਹਰ ਵਿਿਦਅਕ ਅਦਾਰੇ ਅੰਦਰ ਸਿਰੋਪਾਓ, ਲੋਈ ਅਤੇ ਸਨਮਾਨ ਚਿੰਨ੍ਹ ਦੀ ਥਾਂ ਕੇਵਲ ਪੁਸਤਕਾਂ ਦੇਣ ਦਾ ਫੈਸਲਾ ਕੀਤਾ ਗਿਆ ਹੈ। ਗੁਰਦੁਆਰਿਆਂ ਵਿਚ ਵੀ ਸਿਰੋਪੇ ਦੀ ਵਰਤੋਂ ਵਿਚ ਸੰਕੋਚ ਕਰਦਿਆਂ ਗੁਰਮਤਿ ਭਾਵਨਾਵਾਂ ਅਨੁਸਾਰ ਕਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਖਿਆ ਕਿ ਕੇਵਲ ਪੰਥਕ ਕਾਰਜਾਂ ਲਈ ਯੋਗਦਾਨ ਪਾਉਣ ਵਾਲਿਆਂ ਨੂੰ ਸਿਰੋਪਾਓ ਦਿੱਤਾ ਜਾਵੇਗਾ, ਜਦਕਿ ਬਾਕੀ ਸਤਿਕਾਰਤ ਸ਼ਖ਼ਸੀਅਤਾਂ ਨੂੰ ਪੁਸਤਕਾਂ ਭੇਟ ਕੀਤੀਆਂ ਜਾਣਗੀਆਂ।