ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਿਲਾਂ ਵੱਧਦੀਆਂ ਨਜ਼ਰ ਆ ਰਹੀਆਂ ਹਨ। ਸੂਤਰਾਂ ਤੋਂ ਹੁਣ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਦੇਸ਼ ਤੋਂ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੇ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਦਰਅਸਲ, ਵਿਜੀਲੈਂਸ ਚੰਨੀ ਖਿਲਾਫ਼ ਕੁਝ ਮਾਮਲਿਆਂ ’ਚ ਜਾਂਚ ਕਰ ਜਾ ਰਹੀ ਹੈ, ਜਿਸ ਨੂੰ ਇਸ ਲੁੱਕਆਊਟ ਨੋਟਿਸ ਦਾ ਆਧਾਰ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵਿਦੇਸ਼ ਜਾਣ ਦੀਆਂ ਸੰਭਾਵਨਾਵਾਂ ਨੂੰ ਵੇਖਦੇ ਹੋਏ ਲੁੱਕਆਊਟ ਨੋਟਿਸ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤੋਂ ਬਾਅਦ ਲੰਘੀ 7 ਮਾਰਚ ਨੂੰ ਲੁੱਕਆਊਟ ਨੋਟਿਸ ਜਾਰੀ ਕਰ ਦਿੱਤਾ ਗਿਆ।
ਲੁੱਕਆਊਟ ਨੋਟਿਸ ਦੇ ਜ਼ਰੀਏ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖ਼ਿਲਾਫ਼ ਲੰਬਿਤ ਜਾਇਦਾਦ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੀ ਜਾਂਚ ਅਤੇ ਹੋਰ ਮਾਮਲਿਆਂ ਦਾ ਬਿਓਰਾ ਦਿੰਦੇ ਹੋਏ ਦੇਸ਼ ਦੇ ਸਾਰੇ ਏਅਰਪੋਰਟਸ ਦੀਆਂ ਸੁਰੱਖਿਆ ਟੀਮਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਸਬੰਧਿਤ ਵਿਅਕਤੀ ਨੂੰ ਕਿਸੇ ਵੀ ਦੇਸ਼ ਤੋਂ ਬਾਹਰ ਜਾਣ ਵਾਲੀ ਫਲਾਈਟ ਦੀ ਇਜਾਜ਼ਤ ਨਾ ਦਿੱਤੀ ਜਾਵੇ। ਸੂਚਨਾ ਲਈ ਸਾਬਕਾ ਮੁੱਖ ਮੰਤਰੀ ਦੇ ਪਾਸਪੋਰਟ ਡਿਟੇਲਜ਼ ਵੀ ਉਪਲੱਬਧ ਕਰਵਾਏ ਗਏ ਹਨ। ਧਿਆਨ ਰਹੇ ਕਿ ਸੂਬੇ ’ਚ ਸੱਤਾ ਤਬਦੀਲੀ ਤੋਂ ਬਾਅਦ ਤਕਰੀਬਨ 7-8 ਮਹੀਨੇ ਸਾਬਕਾ ਮੁੱਖ ਮੰਤਰੀ ਚੰਨੀ ਵਿਦੇਸ਼ ’ਚ ਹੀ ਰਹੇ ਸਨ ਅਤੇ ਉੱਥੋਂ ਪਰਤਣ ਤੋਂ ਤੁਰੰਤ ਬਾਅਦ ਵਿਜੀਲੈਂਸ ਨੇ ਆਪਣੀ ਜਾਂਚ ਦਾ ਕੰਮ ਸ਼ੁਰੂ ਕਰ ਦਿੱਤਾ ਸੀ। ਹਾਲਾਂਕਿ, ਉਹਨਾਂ ਨੇ ਹੁਣ ਕੈਲਫੋਰਨੀਆ ਇਕ ਸਮਾਗਮ ਵਿਚ ਸ਼ਿਰਕਤ ਕਰਨ ਵੀ ਜਾਣਾ ਸੀ ਪਰ ਮੁੱਖ ਮੰਤਰੀ ਮਾਨ ਦੇ ਉਹਨਾਂ ਨੂੰ ਜੇਲ੍ਹ ਭੇਜਣ ਦੇ ਬਿਆਨ ਤੋਂ ਬਾਅਦ ਚੰਨੀ ਨੇ ਆਪਣਾ ਵਿਦੇਸ਼ੀ ਦੌਰਾ ਰੱਦ ਕਰ ਦਿੱਤਾ ਸੀ।