ਸਰਪੰਚ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਸਿਆਸਤ ਦੇ ਬਾਬਾ ਬੋਹੜ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਯਾਨੀ ਬੀਤੀ ਰਾਤ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 95 ਸਾਲਾਂ ਦੀ ਉਮਰ ‘ਚ ਮੁਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਵੱਡੇ ਬਾਦਲ ਦੀ ਮੌਤ ਤੋਂ ਬਾਅਦ ਪੂਰੇ ਦੇਸ਼ ‘ਚ ਸੋਗ ਦੀ ਲਹਿਰ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਸ. ਬਾਦਲ ਦੇ ਦਿਹਾਂਤ ‘ਤੇ ਟਵੀਟ ਕਰ ਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਬਾਦਲ ਦੇ ਦਿਹਾਂਤ ਨਾਲ ਬਹੁਤ ਦੁੱਖ ਹੋਇਆ। ਉਹ ਭਾਰਤੀ ਸਿਆਸਤ ਦੀ ਇਕ ਮਹਾਨ ਸ਼ਖ਼ਸੀਅਤ ਅਤੇ ਇਕ ਉੱਘੇ ਰਾਜਨੇਤਾ ਸਨ। ਇਸੇ ਦੇ ਨਾਲ ਹੀ ਹੋਰ ਕਈ ਦਿੱਗਜ ਨੇਤਾਵਾਂ ਨੇ ਸਾਬਕਾ ਮੁੱਖ ਮੰਤਰੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਦੇ ਲਈ ਉਹਨਾਂ ਦੀ ਦੇਹ ਚੰਡੀਗੜ੍ਹ ਪਾਰਟੀ ਦਫਤਰ ’ਚ ਰੱਖੀ ਜਾਵੇਗੀ। ਜਿਸ ਤੋਂ ਬਾਅਦ ਹੁਣ ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚਣਗੇ। ਤਕਰੀਬਨ 12 ਵਜੇ ਦੇ ਕਰੀਬ ਪੀਐੱਮ ਮੋਦੀ ਚੰਡੀਗੜ੍ਹ ਵਿਖੇ ਪਹੁੰਚਣਗੇ। ਜਿੱਥੇ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿਖੇ ਪਹੁੰਚ ਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤੱਕ ਜਾਏਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ, ਜਿੱਥੇ 27 ਅਪ੍ਰੈਲ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਦਸ ਦਈਏ ਕਿ ਕੇਂਦਰ ਸਰਕਾਰ ਨੇ ਵੱਡੇ ਬਾਦਲ ਦੀ ਮੌਤ ‘ਤੇ ਦੋ ਦਿਨਾਂ (26 ਅਤੇ 27 ਅਪ੍ਰੈਲ) ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।