December 2, 2023
Politics Punjab

ਸਿਆਸਤ ‘ਚ ਬਾਬਾ ਬੋਹੜ ਸ. ਬਾਦਲ ਦਾ ਅੰਤਿਮ ਅਰਦਾਸ ਸਮਾਗਮ ਅੱਜ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਈ ਵੱਡੇ ਲੀਡਰ ਕਰਨਗੇ ਸ਼ਿਰਕਤ

ਫ਼ਖਰ-ਏ-ਕੌਮ ਦਾ ਖਿਤਾਬ ਲੈਣ ਵਾਲੇ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਅੱਜ ਉਹਨਾਂ ਦਾ ਅੰਤਿਮ ਅਰਦਾਸ ਸਮਾਗਮ ਰੱਖਿਆ ਗਿਆ ਹੈ। ਹਾਸਲ ਹੋਈ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਾਬਕਾ ਮੁੱਖ ਮੰਤਰੀ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਦਸ ਦਈਏ ਕਿ ਸ. ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖਿਆ ਗਿਆ ਅੰਤਿਮ ਅਰਦਾਸ ਸਮਾਗਮ ਅੱਜ ਯਾਨੀ 4 ਮਈ ਨੂੰ ਪਿੰਡ ਬਾਦਲ ਵਿਖੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਆਯੋਜਿਤ ਕੀਤਾ ਗਿਆ ਹੈ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਈ ਦਿਗੱਜ ਸਿਆਸੀ ਨੇਤਾਵਾਂ ਦੇ ਇਥੇ ਪਹੁੰਚਣ ਦੀਆਂ ਉਮੀਦਾਂ ਜਤਾਈਆਂ ਜਾ ਰਹੀਆਂ ਹਨ। ਰੱਖਿਆ ਮੰਤਰੀ ਰਾਜਨਾਥ ਸਿੰਘ, ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਵੀ ਇਸ ਸਮਾਗਮ ‘ਚ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਹਜ਼ਾਰਾਂ ਲੋਕ ਪਿੰਡ ਬਾਦਲ ਪਹੁੰਚਣਗੇ। ਇਸ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਰਕਿੰਗ ਲਈ 60 ਏਕੜ ਜਗ੍ਹਾ ਦਾ ਪ੍ਰਬੰਧ ਕੀਤਾ ਹੈ।

ਉਧਰ, ਅੰਤਿਮ ਅਰਦਾਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਰੂਟ ਪਲਾਨ ਜਾਰੀ ਕੀਤਾ ਗਿਆ ਹੈ। ਜਿਲ੍ਹਾ ਪ੍ਰਸਾਸ਼ਨ ਨੇ ਚਾਰ ਮਈ ਨੂੰ ਇਸੇ ਰੂਟ ਪਲਾਨ ਮੁਤਾਬਕ ਸੜਕਾਂ ਉੱਪਰ ਆਵਾਜਾਈ ਦੀ ਸਲਾਹ ਦਿੱਤੀ ਹੈ ਤਾਂ ਜੋ ਕੋਈ ਸਮੱਸਿਆ ਨਾ ਆਵੇ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਰੂਟ ਪਲਾਨ ਮੁਤਾਬਕ ਬਠਿੰਡੇ ਵਾਲੇ ਪਾਸਿਓਂ ਆਉਣ ਵਾਲੇ ਲੋਕਾਂ ਲਈ ਬਾਦਲ ਪਿੰਡ ਤੋਂ ਪਹਿਲਾਂ ਖੱਬੇ ਤੇ ਸੱਜੇ ਹੱਥ ਖਾਲੀ ਖੇਤਾਂ ਵਿੱਚ (60 ਏਕੜ) ਪਾਰਕਿੰਗ ਦੀ ਵਿਵਸਥਾ ਕੀਤੀ ਗਈ ਹੈ, ਜਿੱਥੇ ਗੱਡੀਆਂ ਖੜ੍ਹੀਆਂ ਕਰ ਕੇ ਲੋਕ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਪੰਡਾਲ ਵਿੱਚ ਪਹੁੰਚ ਸਕਦੇ ਹਨ।

ਇਸੇ ਤਰ੍ਹਾਂ ਲੰਬੀ, ਖਿਓਵਾਲੀ ਤੇ ਮਹਿਣਾ ਵਾਲੇ ਪਾਸਿਓਂ ਆਉਣ ਵਾਲੇ ਵਾਹਨ ਸਰਕਾਰੀ ਪਸ਼ੂ ਹਸਪਤਾਲ, ਖੇਡ ਸਟੇਡੀਅਮ ਹੁੰਦੇ ਹੋਏ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਦੇ ਪਿਛਲੇ ਪਾਸੇ ਪਹੁੰਚ ਕੇ ਮਿੱਠੜੀ ਰੋਡ ’ਤੇ ਬਣੀ ਪਾਰਕਿੰਗ ਵਿੱਚ ਵਹੀਕਲ ਖੜ੍ਹੇ ਕਰ ਕੇ ਲੰਗਰ ਵਾਲੀ ਜਗ੍ਹਾ ਦੇ ਨਾਲ ਦੀ ਹੁੰਦੇ ਹੋਏ ਮੁੱਖ ਪੰਡਾਲ ਵਿੱਚ ਪਹੁੰਚ ਸਕਦੇ ਹਨ। ਇਸ ਤੋਂ ਇਲਾਵਾ ਸਿੰਘੇਵਾਲਾ ਤੋਂ ਆਉਣ ਵਾਲੀਆਂ ਗੱਡੀਆਂ ਮਿੱਠੜੀ ਰੋਡ ਪਾਰਕਿੰਗ ਤੱਕ ਪਹੁੰਚ ਸਕਦੀਆਂ ਹਨ।

ਕਾਬਲੇਗੌਰ ਹੈ ਕਿ ਪ੍ਰਕਾਸ਼ ਸਿੰਘ  ਬਾਦਲ ਦੇ ਦੇਹਾਂਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਪੁੱਜੇ ਸਨ, ਜਦਕਿ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ 25 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਦਾ ਦੇਹਾਂਤ ਹੋ ਗਿਆ ਸੀ। ਬਾਦਲ ਨੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ ਸਨ।

Leave feedback about this

  • Quality
  • Price
  • Service

PROS

+
Add Field

CONS

+
Add Field
Choose Image
Choose Video
X