ਚੰਡੀਗੜ੍ਹ: ਅਜ਼ਾਦੀ ਘੁਲਾਟੀਏ ਅਤੇ ਸ਼ਹੀਦਾਂ ਵਲੋਂ ਵਲੋਂ ਦਿਖਾਏ ਰਸਤੇ ਤੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਉਹਨਾਂ ਕਿਹਾ ਕਿ ਦੇਸ਼ ਦੀ ਅਜ਼ਾਦੀ ਸੰਗਰਾਮ ਵਿੱਚ 80 ਫ਼ੀਸਦੀ ਤੋਂ ਜ਼ਿਆਦਾ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਇਸ ਤੋਂ ਇਲਾਵਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਵੀ ਵੱਡੀ ਗਿਣਤੀ ਵਿੱਚ ਪੰਜਾਬੀਆਂ ਨੇ ਕੁਰਬਾਨੀਆਂ ਦਿੱਤੀਆਂ ਹਨ। ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜ਼ਾਦੀ ਦੇ 75ਵੇਂ ਵਰ੍ਹੇਗੰਢ ਦੇ ਮੌਕੇ ‘ਤੇ ਰਾਜ ਦੇ ਸਰਕਾਰੀ ਸਕੂਲਾਂ ਦੇ ਨਾਮ ਸ਼ਹੀਦਾਂ ਅਤੇ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਨਸਲਾਂ ਨੂੰ ਸਾਡੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਬਾਰੇ ਪਤਾ ਲੱਗ ਸਕੇ।
ਉਹਨਾਂ ਦੱਸਿਆ ਕਿ ਜਿਹਨਾਂ ਸਕੂਲਾਂ ਦੇ ਨਾਮ ਸ਼ਹੀਦਾਂ/ ਅਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਰੱਖੇ ਜਾਣੇ ਹਨ ਉਹਨਾਂ ਲਈ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਮਤਾ ਪਾਸ ਕਰਕੇ ਸਮੇਤ ਸ਼ਹੀਦ/ਅਜ਼ਾਦੀ ਘੁਲਾਟੀਏ ਸਬੰਧੀ ਜੀਵਨੀ ਸਬੰਧੀ ਨੋਟ ਅਤੇ ਸਰਕਾਰ ਵੱਲੋਂ ਉਨ੍ਹਾਂ ਦੀ ਸ਼ਹਾਦਤ ਸਬੰਧੀ ਦਿੱਤੇ ਗਏ ਤਗਮੇ ਬਾਰੇ ਸੂਚਨਾ ਸਕੂਲ ਦੇ ਪ੍ਰਿੰਸੀਪਲ ਰਾਹੀਂ ਅਗਲੇ ਇਕ ਮਹੀਨੇ ਦੇ ਵਿੱਚ ਸਟੇਟ ਹੈਡਕੁਆਰਟਰ ਨੂੰ ਭੇਜਿਆ ਜਾਵੇਗਾ। ਸ.ਬੈਂਸ ਨੇ ਕਿਹਾ ਕਿ ਇਸ ਕਾਰਵਾਈ ਦੀ ਉਹ ਖੁਦ ਨਿਗਰਾਨੀ ਕਰਨਗੇ ਅਤੇ 15 ਦਿਨ ਬਾਅਦ ਇਸ ਦਾ ਖ਼ੁਦ ਮੁਲਾਂਕਣ ਕਰਨਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪਹਿਲਕਦਮੀ ਨਾਲ ਸ਼ਹੀਦ/ਅਜ਼ਾਦੀ ਘੁਲਾਟੀਏ ਦੇ ਜੀਵਨ ਤੋਂ ਸਾਡੇ ਬੱਚੇ ਸੇਧ ਲੈਣ ਸਕਣਗੇ।