ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ। ਹਾਸਲ ਹੋਈ ਜਾਣਕਾਰੀ ਮੁਤਾਬਕ ਇਕ ਸਿੱਖ ਵਿਅਕਤੀ ਗੁਰੂਘਰ ਅੰਦਰ ਦਾਖ਼ਲ ਹੋਇਆ ਅਤੇ ਉਸਨੇ ਪਾਠੀ ਸਿੰਘ ਵੱਲ ਇਸ਼ਾਰਾ ਕੀਤਾ। ਜਿਸ ਤੋਂ ਬਾਅਦ ਉਸ ਵਿਅਕਤੀ ਨੇ ਅੱਗੇ ਆ ਕੇ ਪਾਠੀ ਸਿੰਘ ‘ਤੇ ਹਮਲਾ ਕਰ ਦਿੰਦਾ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰੇ ‘ਚ ਕੈਦ ਹੋ ਗਈ। ਇਸ ਮੰਦਭਾਗੀ ਘਟਨਾ ਤੋਂ ਬਾਅਦ ਸੰਗਤਾਂ ਨੇ ਦੋਸ਼ੀ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਉਥੇ ਹੀ ਇਨਸਾਫ਼ ਦੀ ਮੰਗ ਲੈਕੇ ਸੰਗਤਾਂ ਨੇ ਸੜਕਾਂ ਘੇਰ ਲਈਆਂ ਹਨ ਅਤੇ ਧਰਨਾ ਲਗਾ ਦਿੱਤਾ ਹੈ ਜਿਸ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹੋਏ ਹਨ। ਫਿਲਹਾਲ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਣਯੋਗ ਹੈ ਕਿ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਹਿ ਸਿੰਘ ਜੀ ਅਤੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਹੈ, ਜਿੱਥੇ ਮੰਦਭਾਗੀ ਘਟਨਾ ਵਾਪਰੀ ਹੈ।