ਹਰਿਆਣਾ SGPC ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਜਿਸ ਤੋਂ ਬਾਅਦ ਬਵਾਲ ਖੜਾ ਹੁੰਦਾ ਹੋਇਆ ਵਿਖਾਈ ਦੇ ਰਿਹਾ ਹੈ। ਇਸ ਵੀਡੀਓ ਵਿਚ ਮਹੰਤ ਕਰਮਜੀਤ ਸਿੰਘ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੈਰੀਂ ਹੱਥ ਲਾਉਂਦੇ ਨਜ਼ਰ ਆ ਰਹੇ ਹਨ। ਵੀਡੀਓ ਵਿਚ ਨਜ਼ਰ ਆ ਰਿਹਾ ਹੈ ਕਿ ਸੀਐਮ ਖੱਟਰ ਜਦੋਂ ਇਕ ਮੀਟਿੰਗ ਵਿਚ ਆਉਂਦੇ ਹਨ ਤਾਂ ਪ੍ਰਧਾਨ ਮਹੰਤ ਕਰਮਜੀਤ ਉਹਨਾਂ ਦੇ ਪੈਰੀਂ ਹੱਥ ਲਾ ਰਹੇ ਹਨ।
ਹਾਲਾਂਕਿ ਇਹ ਵੀਡੀਓ ਕਦੋਂ ਦਾ ਹੈ, ਇਸ ਬਾਰੇ ਕੁਝ ਸਪਸ਼ਟ ਨਹੀਂ ਹੈ। ਦੱਸ ਦਈਏ ਕਿ ਕੁਝ ਸਮਾਂ ਪਹਿਲਾਂ ਹੀ ਮਹੰਤ ਨੂੰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਲਾਇਆ ਗਿਆ ਸੀ। ਉਸ ਸਮੇਂ ਇਸ ਦਾ ਕੁਝ ਲੋਕਾਂ ਨੇ ਵਿਰੋਧ ਵੀ ਕੀਤਾ ਸੀ। ਦੋਸ਼ ਲੱਗੇ ਸਨ ਕਿ ਕਥਿਤ ਭਾਜਪਾ ਹਮਾਇਤੀ ਹੋਣ ਕਾਰਨ ਮਹੰਤ ਕਰਮਜੀਤ ਸਿੰਘ ਨੂੰ ਇਹ ਜ਼ਿੰਮੇਵਾਰੀ ਮਿਲੀ ਹੈ। ਨਾਲ ਹੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਹ ਇਲਜ਼ਾਮ ਲਗਾਏ ਸਨ ਕਿ ਪ੍ਰਧਾਨ ਬਣਨ ਤੋਂ ਬਾਅਦ ਮਹੰਤ ਕਰਮਜੀਤ ਸਿੰਘ ਨੇ ਇਕ ਵਾਰ ਵੀ ਗੁਰਦੁਆਰਾ ਸਾਹਿਬ ਆਕੇ ਉਹਨਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਨਹੀਂ ਲਿਆ।