ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਰਨੇਮ ‘ਤੇ ਟਿਪਣੀ ਕਰਨ ਨੂੰ ਲੈਕੇ ਮਾਨਹਾਣੀ ਕੇਸ ‘ਚ ਸੂਰਤ ਦੀ ਇੱਕ ਅਦਾਲਤ ਨੇ ਅੱਜ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ 2 ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਅਦਾਲਤ ਨੇ ਫੈਸਲਾ ਸੁਣਾਉਂਦੇ ਹੋਏ ਰਾਹੁਲ ਗਾਂਧੀ ਨੂੰ ਅਪਰਾਧਿਕ ਮਾਣਹਾਨੀ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ। ਹਾਲਾਂਕਿ, ਰਾਹੁਲ ਗਾਂਧੀ ਨੂੰ ਨਾਲ ਦੀ ਨਾਲ ਜ਼ਮਾਨਤ ਵੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਸਜ਼ਾ ‘ਤੇ 30 ਦਿਨ ਦੀ ਰੋਕ ਲਾ ਦਿੱਤੀ ਹੈ, ਤਾਂ ਕਿ ਉਹ ਇਸ ਫ਼ੈਸਲੇ ਨੂੰ ਉੱਪਰਲੀ ਅਦਾਲਤ ਵਿਚ ਚੁਣੌਤੀ ਦੇ ਸਕਣ। ਫ਼ੈਸਲਾ ਸੁਣਾਏ ਜਾਣ ਸਮੇਂ ਰਾਹੁਲ ਗਾਂਧੀ ਅਦਾਲਤ ‘ਚ ਮੌਜੂਦ ਸਨ। ਕੋਰਟ ਨੇ ਰਾਹੁਲ ਨੂੰ ਦੋਸ਼ੀ ਕਰਾਰ ਦਿੰਦਿਆਂ 2 ਸਾਲ ਦੀ ਸਜ਼ਾ ਸੁਣਾਈ ਹੈ। ਸੁਣਵਾਈ ਦੌਰਾਨ ਰਾਹੁਲ ਗਾਂਧੀ ਨੇ ਅਦਾਲਤ ਨੂੰ ਕਿਹਾ ਕਿ ਮੇਰਾ ਇਰਾਦਾ ਗਲਤ ਨਹੀਂ ਸੀ। ਉਨ੍ਹਾਂ ਦੇ ਬਿਆਨ ਨਾਲ ਕਿਸੇ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਮਾਮਲੇ ‘ਚ ਆਪਣੇ ਲਈ ਘੱਟ ਸਜ਼ਾ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਵੀਰਵਾਰ ਸਵੇਰੇ ਸੂਰਤ ਅਦਾਲਤ ‘ਚ ਪੇਸ਼ ਹੋਏ। ਸੰਸਦ ਮੈਂਬਰ ਰਾਹੁਲ ਗਾਂਧੀ ਵਿਰੁੱਧ ਉਨ੍ਹਾਂ ਦੀ ਇੱਕ ਇਤਰਾਜ਼ਯੋਗ ਟਿੱਪਣੀ ਲਈ ਕੇਸ ਦਰਜ ਕੀਤਾ ਗਿਆ ਸੀ। ਜਿਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਉਸ ਨੂੰ ਮਾਣਹਾਨੀ ਦੇ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ ਹੈ।
ਦਸ ਦਈਏ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਕਰਨਾਟਕ ਦੇ ਕੋਲਾਰ ਵਿੱਚ ਜਨ ਸਭਾ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਸਾਰੇ ਚੋਰਾਂ ਦਾ ਉਪਨਾਮ ਮੋਦੀ ਕਿਉਂ ਹੈ? ਇਸ ਟਿੱਪਣੀ ‘ਤੇ ਕਾਫੀ ਹੰਗਾਮਾ ਹੋਇਆ। ਜਿਸ ਤੋਂ ਬਾਅਦ ਭਾਜਪਾ ਵਿਧਾਇਕ ਅਤੇ ਗੁਜਰਾਤ ਦੇ ਸਾਬਕਾ ਮੰਤਰੀ ਪੂਰਨੇਸ਼ ਮੋਦੀ ਨੇ ਟਿੱਪਣੀ ਨੂੰ ਲੈ ਕੇ ਅਪਰਾਧਿਕ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਦਾ ਬਿਆਨ ਸਮੁੱਚੇ ਮੋਦੀ ਭਾਈਚਾਰੇ ਨੂੰ ਅਪਮਾਨਜਨਕ ਹੈ ਅਤੇ ਸਮੁੱਚੇ ਮੋਦੀ ਭਾਈਚਾਰੇ ਨੂੰ ਬਦਨਾਮ ਕੀਤਾ ਹੈ।