2015 ਦੇ ਬਰਗਾੜੀ ਬੇਅਦਬੀ ਕਾਂਡ ਨਾਲ ਜੁੜੇ ਕੇਸ ਦੀ ਸੁਣਵਾਈ ਅੱਜ ਸੁਪਰੀਮ ਕੋਰਟ ਦੇ ਵਿਚ ਹੋਈ। ਜਿਸ ਵਿਚ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਨੂੰ ਮੰਨਦੇ ਹੋਏ ਵੱਡਾ ਫੈਸਲਾ ਲਿਆ ਹੈ। ਦਸ ਦਈਏ ਕਿ SC ਨੇ ਹੁਣ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ।
ਦਰਅਸਲ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ‘ਚ ਇਸ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਮੰਗ ਲਈ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਮੰਨ ਲਿਆ ਹੈ। ਸੁਪਰੀਮ ਕੋਰਟ ਦੀ ਜਸਟਿਸ ਅਨੁਰਾਧਾ ਬੋਸ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਇਹ ਹੁਕਮ ਜਾਰੀ ਕੀਤੇ ਹਨ । ਦਸ ਦਈਏ ਕਿ ਬੇਅਦਬੀ ਕੇਸ ਦੇ ਦੋਸ਼ੀ ਮਹਿੰਦਰ ਪਾਲ ਬਿੱਟੂ ਅਤੇ ਪ੍ਰਦੀਪ ਕਟਾਰੀਆਂ ਦੇ ਕਤਲ ਮਗਰੋਂ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ ਅਤੇ ਡੇਰਾ ਸਿਰਸਾ ਦੇ ਪ੍ਰੇਮੀਆਂ ਨੇ ਆਪਣੀ ਜਾਨ ਨੂੰ ਖ਼ਤਰਾ ਹੋਣ ਦਾ ਖ਼ਦਸ਼ਾ ਹੋਣ ਕਰ ਕੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਸੀ ਅਤੇ ਇਕ ਪਟੀਸ਼ਨ ਪਾਕੇ ਬਰਗਾੜੀ ਬੇਅਦਬੀ ਕਾਂਡ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਅਜਿਹੀ ਸਥਿਤੀ ਵਿਚ ਕੇਸ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿਚ ਸੁਣਵਾਈ ਲਈ ਭੇਜਿਆ ਜਾਣਾ ਚਾਹੀਦਾ ਹੈ।