ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਨਿਯੁਕਤ ਕੀਤਾ ਜਾਣਾ ਤੈਅ ਹੈ। ਸੂਤਰਾਂ ਨੇ ਦਾਅਵਾ ਕੀਤਾ ਹੈ ਕਿ ਭਾਜਪਾ ਲੀਡਰਸ਼ਿਪ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਨਿਯੁਕਤ ਕਰਨ ਲਈ ਸਹਿਮਤ ਹੈ। ਇਥੇ ਦਸਣਯੋਗ ਹੈ ਕਿ ਕੈਪਟਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਚੰਗੇ ਸਮੀਕਰਨ ਦੱਸੇ ਜਾਂਦੇ ਹਨ। 2022 ਵਿੱਚ, ਭਾਜਪਾ ਨੇ ਕੈਪਟਨ ਨੂੰ 83 ਮੈਂਬਰੀ ਰਾਸ਼ਟਰੀ ਕਾਰਜਕਾਰਨੀ ਵਿੱਚ ਸ਼ਾਮਲ ਕੀਤਾ ਸੀ।
ਇਸ ਦਰਮਿਆਨ ਮਹਾਰਾਸ਼ਟਰ ਦੇ ਮੌਜੂਦਾ ਗਵਰਨਰ ਭਗਤ ਸਿੰਘ ਕੋਸ਼ਿਆਰੀ ਨੇ ਪ੍ਰਧਾਨ ਮੰਤਰੀ ਦੀ ਹਾਲ ਹੀ ਦੀ ਮੁੰਬਈ ਫੇਰੀ ਦੌਰਾਨ ਉਹਨਾਂ ਸਾਹਮਣੇ ਸਾਰੀਆਂ ਰਾਜਨੀਤਿਕ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਅਤੇ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਗਤੀਵਿਧੀਆਂ ਵਿੱਚ ਬਿਤਾਉਣ ਦੀ ਇੱਛਾ ਜ਼ਾਹਰ ਕੀਤੀ। ਮਹਾਰਾਸ਼ਟਰ ਦੇ ਰਾਜਪਾਲ, ਜੋ ਇੱਕ ਵਾਰ ਉੱਤਰਾਖੰਡ ਦੇ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ, ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦੇ ਫੈਸਲੇ ‘ਤੇ ਸਹਿਮਤੀ ਜਤਾਉਣਗੇ ਅਤੇ ਉਨ੍ਹਾਂ ਨੂੰ ਪਿਆਰ ਦਿੰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਕੋਸ਼ੀਅਰੀ ਨੇ ਇਹ ਟਿੱਪਣੀ 19 ਜਨਵਰੀ ਨੂੰ ਕਈ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਪ੍ਰਧਾਨ ਮੰਤਰੀ ਮੋਦੀ ਦੇ ਮੁੰਬਈ ਦੌਰੇ ਤੋਂ ਬਾਅਦ ਕੀਤੀ ਸੀ।
ਦਸ ਦਈਏ ਕਿ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਵੀ ਕੈਪਟਨ ਅਮਰਿੰਦਰ ਸਿੰਘ ਦਾ ਨਾਂ ਸਾਹਮਣੇ ਆਇਆ ਸੀ। ਹਾਲਾਂਕਿ, ਭਾਜਪਾ ਨੇ ਪੱਛਮੀ ਬੰਗਾਲ ਦੇ ਤਤਕਾਲੀ ਰਾਜਪਾਲ ਜਗਦੀਪ ਧਨਖੜ ਨੂੰ ਵੀਪੀ ਅਹੁਦੇ ਲਈ ਨਾਮਜ਼ਦ ਕੀਤਾ। ਜ਼ਿਕਰਯੋਗ ਹੈ ਕਿ ਕਾਂਗਰਸ ਨਾਲ ਲੰਬੇ ਸਮੇਂ ਤੋਂ ਜੁੜੇ ਰਹੇ ਅਮਰਿੰਦਰ ਸਿੰਘ ਨੇ 2021 ‘ਚ ਪੁਰਾਣੀ ਪਾਰਟੀ ਛੱਡ ਕੇ ਆਪਣੀ ਸਿਆਸੀ ਜਥੇਬੰਦੀ ‘ਪੰਜਾਬ ਲੋਕ ਕਾਂਗਰਸ’ ਬਣਾਈ ਸੀ। ਉਨ੍ਹਾਂ ਦੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਗਠਜੋੜ ਕਰਕੇ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ। ਬਾਅਦ ਵਿੱਚ ਕੈਪਟਨ ਭਾਜਪਾ ’ਚ ਸ਼ਾਮਲ ਹੋ ਗਏ ਸੀ।