ਸਿਆਸਤ ਦੇ ਬਾਬਾ ਬੋਹੜ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੀਤੇ ਕੱਲ੍ਹ 95 ਸਾਲਾਂ ਦੀ ਉਮਰ ’ਚ ਆਖਰੀ ਸਾਹ ਲਏ। ਸਾਹ ਦੀ ਬੀਮਾਰੀ ਨਾਲ ਪੀੜਤ ਹੋਣ ਕਾਰਨ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖਲ ਸਨ ਜਿਥੇ ਉਹਨਾਂ ਨੇ ਆਪਣਾ ਆਖਰੀ ਸਮਾਂ ਬੀਤਾਇਆ। ਇਸ ਦੌਰਾਨ ਅੱਜ ਵੱਡੇ ਬਾਦਲ ਦੀ ਮ੍ਰਿਤਕ ਦੇਹ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸੈਕਟਰ 28 ਸਥਿਤ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ ਜਿਥੇ ਉਹਨਾਂ ਦੇ ਅੰਤਿਮ ਦਰਸ਼ਨਾਂ ਲਈ ਸਿਆਸੀ ਆਗੂਆਂ ਦੇ ਨਾਲ-ਨਾਲ ਵੱਡੀ ਗਿਣਤੀ ਵਿਚ ਆਮ ਲੋਕ ਵੀ ਪਹੁੰਚ ਰਹੇ ਹਨ।
ਇਸ ਤੋਂ ਬਾਅਦ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਚੰਡੀਗੜ੍ਹ ਤੋਂ ਸ਼ੁਰੂ ਹੋ ਕੇ ਉਨ੍ਹਾਂ ਦੇ ਮੁਕਤਸਰ ਜ਼ਿਲ੍ਹੇ ’ਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਤਕ ਜਾਏਗੀ। ਇਹ ਯਾਤਰਾ ਰਾਜਪੁਰਾ, ਪਟਿਆਲਾ, ਸੰਗਰੂਰ, ਬਰਨਾਲਾ, ਰਾਮਪੁਰਾ ਫੂਲ ਬਠਿੰਡਾ ਤੋਂ ਹੁੰਦੀ ਹੋਈ ਬਾਦਲ ਪਿੰਡ ਪਹੁੰਚੇਗੀ। ਜਿੱਥੇ 27 ਅਪ੍ਰੈਲ ਯਾਨੀ ਕੱਲ੍ਹ ਵੀਰਵਾਰ ਨੂੰ ਦੁਪਹਿਰ 1 ਵਜੇ ਪੂਰੇ ਸਰਕਾਰੀ ਸਨਮਾਨਾਂ ਨਾਲ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਦਸ ਦਈਏ ਕਿ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਦੀ ਸਰਪੰਚੀ ਤੋਂ ਆਪਣਾ ਸਿਆਸੀ ਜੀਵਨ ਸ਼ੁਰੂ ਕੀਤਾ। ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਵਜੋਂ ਜਾਣੇ ਜਾਂਦੇ ਵੱਡੇ ਬਾਦਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹੇ। ਉਹ ਲੰਬਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੀ ਰਹੇ ਪਰ ਪਿਛਲੇ ਕੁਝ ਸਮੇਂ ਤੋਂ ਉਨ੍ਹਾਂ ਨੇ ਇਹ ਜ਼ਿੰਮੇਵਾਰੀ ਆਪਣੇ ਪੁੱਤਰ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੀ ਸੀ।