ਪੰਜਾਬ ਦੇ ਸਿਆਸੀ ਆਗੂਆਂ ਦੇ ਵੱਲੋਂ ਇੱਕ ਦੂਜੇ ਉੱਪਰ ਇਲਜ਼ਾਮਤਰਾਸ਼ੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੇ ਤਿੱਖੇ ਤੰਜ ਕੱਸੇ ਹਨ । ਇਸ ਦੇ ਨਾਲ ਹੀ ਬੀਬੀ ਬਾਦਲ ਨੇ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਤੇ ਸਵਾਲ ਖੜੇ ਕੀਤੇ ਹਨ ਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ।
ਪੰਜਾਬ ਦੀ ਰਾਜਨੀਤੀ ਦੇ ਵਿੱਚ ਵਾਰ ਪਲਟਵਾਰ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਜਿੱਥੇ ਪੰਜਾਬ ਸਰਕਾਰ ਵੱਲੋਂ ਸਾਬਕਾ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡਿਆ ਜਾ ਰਿਹਾ ਤਾਂ ਉੱਥੇ ਹੀ ਵਿਰੋਧੀ ਧਿਰ ਵੱਲੋਂ ਵੀ ਪੰਜਾਬ ਸਰਕਾਰ ਨੂੰ ਸਵਾਲਾਂ ਦੇ ਵਿੱਚ ਖੜਾ ਕਰ ਦਿੱਤਾ ਹੈ ।ਦਰਅਸਲ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੀ ਸਾਬਕਾ ਕਾਂਗਰਸ ਸਰਕਾਰ ਅਤੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲੈਂਦਿਆਂ ਉਨ੍ਹਾਂ ਦੇ ਖਿਲਾਫ ਕਈ ਸਵਾਲ ਖੜੇ ਕੀਤੇ ਹਨ । ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਸਾਬਕਾ ਕਾਂਗਰਸ ਸਰਕਾਰ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾਧੀ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਤੋਂ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਦੇਵੇਗੀ,ਪਰ ਅਫਸੋਸ ਕਿ ਨਸ਼ੇ ਖਤਮ ਤਾਂ ਕੀ ਹੋਣੇ ਸਨ ਉਲਟਾ ਸਗੋਂ ਨਸ਼ਿਆਂ ਦੇ ਵਿੱਚ ਕਈ ਗੁਣਾ ਦਾ ਵਾਧਾ ਹੋਇਆ ਹੈ। ਹਰਸਿਮਰਤ ਕੌਰ ਬਾਦਲ ਨੇ ਇਸ ਤੋਂ ਇਲਾਵਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਸਰਕਾਰ ਨੇ ਪੰਜਾਬ ਦੇ ਸਿਰ ਕਈ ਕਰੋੜਾਂ ਰੁਪਏ ਦਾ ਕਰਜ਼ਾ ਚੜ੍ਹਾਇਆ ਹੈ ।
ਦੂਜੇ ਪਾਸੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਨਿਸ਼ਾਨੇ ’ਤੇ ਲਿਆ ਅਤੇ ਕਿਹਾ ਕਿ ਜੋ ਮੁੱਖ ਮੰਤਰੀ ਖੁਦ ਨੂੰ ਗਰੀਬ ਘਰ ਦਾ ਦੱਸਦੇ ਸਨ ਹੁਣ ਉਨ੍ਹਾਂ ਦੇ ਬਾਰੇ ਵੀ ਵੱਡੇ ਖੁਲਾਸੇ ਹੋ ਰਹੇ ਹਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਜਨਤਾ ਦੇ ਪੈਸੇ ਦੀ ਦੁਰਵਰਤੋਂ ਕੀਤੀ ਹੈ, ਕਿਉਂਕਿ ਹੁਣ ਜੋ ਖੁਲਾਸੇ ਹੋ ਰਹੇ ਹਨ ਕਿ ਉਨ੍ਹਾਂ ਦਾ ਜੂਸਾ ਦਾ ਗਿਲਾਸ ਅਤੇ 5 ਤਾਰਾ ਹੋਟਲ ਤੋਂ ਆਉਣ ਵਾਲੀ ਖਾਣੇ ਦੀ ਥਾਲੀ ਦੀ ਕੀਮਤ, ਇਸ ਸਭ ਦਾ ਪਤਾ ਲੋਕਾਂ ਨੂੰ ਲੱਗ ਰਿਹਾ ਹੈ । ਹਰਸਿਮਰਤ ਕੌਰ ਬਾਦਲ ਨੇ ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਵੱਡੇ ਸਵਾਲ ਚੁੱਕੇ ਹਨ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਨਵੇਂ ਵਿਆਹ ਤੋਂ ਬਾਅਦ ਨਿੱਜੀ ਜੀਵਨ ਵਿੱਚ ਵਿਅਸਤ ਹਨ ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਕੋਈ ਫਿਕਰ ਨਹੀਂ ਹੈ। ਕਦੇ ਉਹ ਵਿਦੇਸ਼ਾਂ ਵਿੱਚ ਗੂੰਮਦੇ ਹਨ ਅਤੇ ਕਦੇ ਸ਼ਰਾਬ ਪੀ ਕੇ ਜਹਾਜ਼ ਵਿੱਚ ਚੜ੍ਹਨ ਕਾਰਨ ਸੁਰਖੀਆਂ ਦੇ ਵਿੱਚ ਆ ਜਾਂਦੇ ਹਨ।ਹੁਣ ਮੁੱਖ ਮੰਤਰੀ ਮਾਨ ਆਪਣੀ ਨਵੀਂ ਪਤਨੀ ਦੇ ਨਾਲ ਨਵੇਂ ਸਾਲ ਦੀਆਂ ਛੁੱਟੀਆਂ ਮਨਾ ਰਹੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਦੇ ਖਿਲਾਫ ਕੋਈ ਕਾਰਵਾਈ ਕਿਉਂ ਨਹੀਂ ਕਰਦੇ।