ਹਰਿਆਣਾ ਸਰਕਾਰ ਨੇ ਵੀਰਵਾਰ ਨੂੰ 45 ਤੋਂ 60 ਸਾਲ ਦੀ ਉਮਰ ਵਰਗ ਦੇ ਘੱਟ ਆਮਦਨੀ ਵਾਲੇ ਅਣਵਿਆਹੇ ਵਿਅਕਤੀਆਂ ਨੂੰ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਦੀ ਸਕੀਮ ਵਿਧਵਾ ਪੁਰਸ਼/ਔਰਤਾਂ ਲਈ ਵੀ ਸ਼ੁਰੂ ਕੀਤੀ ਗਈ ਹੈ। ਦਸ ਦਈਏ ਕਿ ਸੂਬਾ ਸਰਕਾਰ 60 ਸਾਲ ਤੋਂ ਵੱਧ ਉਮਰ ਦੇ ਘੱਟ ਆਮਦਨ ਵਾਲੇ ਲੋਕਾਂ ਨੂੰ ਪਹਿਲਾਂ ਹੀ ਮਹੀਨਾਵਾਰ ਪੈਨਸ਼ਨ ਪ੍ਰਦਾਨ ਕਰ ਰਹੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਕਿਹਾ ਕਿ 45 ਤੋਂ 60 ਸਾਲ ਦੀ ਉਮਰ ਦੇ ਅਣਵਿਆਹੇ ਮਰਦ ਅਤੇ ਔਰਤਾਂ ਜਿਨ੍ਹਾਂ ਦੀ ਸਾਲਾਨਾ ਆਮਦਨ 1.80 ਲੱਖ ਰੁਪਏ ਤੋਂ ਘੱਟ ਹੈ, ਨੂੰ 2750 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਮਿਲੇਗੀ।
ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ 40 ਤੋਂ 60 ਸਾਲ ਦੇ ਵਿਧਵਾਵਾਂ, ਜਿਨ੍ਹਾਂ ਦੀ ਸਾਲਾਨਾ ਆਮਦਨ ਤਿੰਨ ਲੱਖ ਰੁਪਏ ਤੋਂ ਘੱਟ ਹੈ, ਨੂੰ ਵੀ 2750 ਰੁਪਏ ਪ੍ਰਤੀ ਮਹੀਨਾ ਮਿਲਣਗੇ। ਸਰਕਾਰ ਦੇ ਇਸ ਕਦਮ ਨਾਲ ਸਰਕਾਰੀ ਖਜ਼ਾਨੇ ‘ਤੇ ਹਰ ਸਾਲ 240 ਕਰੋੜ ਰੁਪਏ ਦਾ ਵਾਧੂ ਬੋਝ ਪਵੇਗਾ। ਖੱਟਰ ਨੇ ਕਿਹਾ ਕਿ ਕੁੱਲ 65 ਹਜ਼ਾਰ ਅਣਵਿਆਹੇ ਮਰਦ ਅਤੇ ਔਰਤਾਂ ਅਤੇ 5687 ਵਿਧਵਾ ਇਸ ਵਿਸ਼ੇਸ਼ ਉਮਰ ਵਰਗ ਅਤੇ ਆਮਦਨ ਸੀਮਾ ਅਧੀਨ ਆਉਂਦੇ ਹਨ। ਉਹਨਾਂ ਨੇ ਕਿਹਾ ਕਿ ਇਹ ਮਹੀਨਾਵਾਰ ਆਮਦਨ ਉਹਨਾਂ ਲੋਕਾਂ ਨੂੰ ਆਪਣੀਆਂ ਲੋੜਾਂ ਪੂਰੀਆਂ ਕਰਨ ਵਿੱਚ ਮਦਦ ਕਰੇਗੀ।
ਮੁੱਖ ਮੰਤਰੀ ਨੇ ਕਿਹਾ, ”ਜਿਨ੍ਹਾਂ ਲੋਕਾਂ ਦੀ ਆਮਦਨ ਬਹੁਤ ਘੱਟ ਹੈ, ਉਨ੍ਹਾਂ ਨੂੰ ਸਨਮਾਨਜਨਕ ਜੀਵਨ ਜਿਊਣ ਲਈ ਕੁਝ ਮਦਦ ਮਿਲੇਗੀ ਅਤੇ ਅਸੀਂ ਇਹੀ ਕੀਤਾ ਹੈ।” ਉਨ੍ਹਾਂ ਕਿਹਾ ਕਿ ਇਨ੍ਹਾਂ ਲਾਭਪਾਤਰੀਆਂ ਨੂੰ 60 ਸਾਲ ਦੀ ਉਮਰ ਪੂਰੀ ਕਰਨ ਤੋਂ ਬਾਅਦ ਬੁਢਾਪਾ ਪੈਨਸ਼ਨ ਮਿਲੇਗੀ।