ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਿਆਸ ਵਿੱਚ ਦਰਜ ਕੇਸ ਨੂੰ ਰੱਦ ਕਰ ਦਿੱਤਾ ਹੈ। ਇਸ ਨਾਲ ਸੁਖਬੀਰ ਬਾਦਲ ਨੂੰ ਵੱਡੀ ਰਾਹਤ ਮਿਲੀ ਹੈ। ਦਸ ਦਈਏ ਕਿ ਬਾਦਲ ਖਿਲਾਫ 1 ਜੁਲਾਈ 2021 ਨੂੰ ਐਫ.ਆਈ.ਆਰ. ਦਰਜ ਕੀਤੀ ਗਈ ਸੀ।
ਦਰਅਸਲ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਕਰਕੇ ਬਿਆਸ ਦਰਿਆ ‘ਚ ਨਾਜਾਇਜ਼ ਮਾਈਨਿੰਗ ਦੇ ਦੋਸ਼ ਲਾਏ ਸਨ। ਇਸ ਤੋਂ ਬਾਅਦ ਉਹ ਬਿਆਸ ਦਰਿਆ ਦਾ ਦੌਰਾ ਕਰਨ ਲਈ ਵੀ ਆਏ ਸਨ। ਜਦਕਿ ਇਸ ਤੋਂ ਪਹਿਲਾਂ ਡੀਸੀ ਨੇ ਧਾਰਾ-144 ਤਹਿਤ ਹੁਕਮ ਜਾਰੀ ਕੀਤੇ ਸਨ ਪਰ ਸੁਖਬੀਰ ਬਾਦਲ ਖ਼ਿਲਾਫ਼ ਕਾਨੂੰਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ।
ਸੁਖਬੀਰ ਬਾਦਲ ਨੇ ਇਸ ਕੇਸ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ। ਉਸ ਦੀ ਪਟੀਸ਼ਨ ‘ਤੇ ਸਮੇਂ-ਸਮੇਂ ‘ਤੇ ਸੁਣਵਾਈ ਹੋਈ। ਇਸ ਸਬੰਧੀ ਸਬੰਧਤ ਜ਼ਿਲ੍ਹਾ ਪੁਲਿਸ ਤੋਂ ਵੀ ਜਵਾਬ ਮੰਗਿਆ ਗਿਆ ਸੀ। ਇਸ ਤੋਂ ਬਾਅਦ ਹਾਈਕੋਰਟ ਨੇ ਵੀਰਵਾਰ ਨੂੰ ਕੇਸ ਨੂੰ ਰੱਦ ਕਰਨ ਦਾ ਫੈਸਲਾ ਸੁਣਾਇਆ ਹੈ।