ਚੰਡੀਗੜ੍ਹ ਪੁਲਿਸ ਨੇ ਮੁਹਾਲੀ ਤੇ ਚੰਡੀਗੜ੍ਹ ਦੀ ਹੱਦ ’ਤੇ ਭੰਨ-ਤੋੜ ਕਰਨ ਵਾਲੇ 10 ਹੋਰ ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਪੁਲਿਸ ਨੇ ਮੁੜ ਪ੍ਰਦਰਸ਼ਨਕਾਰੀਆਂ ਦੀ ਸ਼ਨਾਖਤ ਕਰਨ ਵਾਲਿਆਂ ਨੂੰ 10 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਸ਼ਨਾਖਤ ਗੁਪਤ ਰੱਖੀ ਜਾਵੇਗੀ।
ਦੱਸ ਦਈਏ ਕਿ ਚੰਡੀਗੜ੍ਹ ਪੁਲਿਸ ਨੇ ਹੁਣ ਤੱਕ 20 ਜਣਿਆਂ ਦੀਆਂ ਤਸਵੀਰਾਂ ਜਾਰੀ ਕੀਤੀਆਂ ਹਨ ਪਰ ਉਨ੍ਹਾਂ ਵਿੱਚੋਂ ਸ਼ਨਾਖਤ ਸਿਰਫ਼ 7 ਜਣਿਆਂ ਦੀ ਹੋ ਸਕੀ ਹੈ। ਪੁਲਿਸ ਹੋਰਨਾਂ 13 ਜਣਿਆਂ ਦੀ ਸ਼ਨਾਖਤ ਕਰਨ ਵਿੱਚ ਜੁਟੀ ਹੋਈ ਹੈ।
ਦਸਣਯੋਗ ਹੈ ਕਿ ਕੌਮੀ ਇਨਸਾਫ ਮੋਰਚਾ ਦੀ ਅਗਵਾਈ ਹੇਠ ਸੈਕਟਰ-52/53 ਦੇ ਨਜ਼ਦੀਕ ਪੱਕਾ ਮੋਰਚਾ ਲੱਗਾ ਹੋਇਆ ਹੈ। 8 ਫਰਵਰੀ ਨੂੰ ਪ੍ਰਦਰਸ਼ਨਕਾਰੀਆਂ ਨੇ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਝੜਪ ਹੋ ਗਈ।
ਉਧਰ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਹੋਏ ਟਕਰਾਅ ਮਗਰੋਂ ਪੰਜਾਬ ਸਰਕਾਰ ਦੇ ਹੁਕਮਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਵਧਾ ਦਿੱਤੀ ਹੈ। ਚੰਡੀਗੜ੍ਹ ਦੀਆਂ ਬਰੂਹਾਂ ’ਤੇ ਹੁਣ ਦੋ ਬੁਲੇਟ ਪਰੂਫ ਟਰੈਕਟਰਾਂ ਸਣੇ ਰੇਤੇ ਨਾਲ ਭਰੇ ਚਾਰ ਵੱਡੇ ਟਿੱਪਰ ਵੀ ਖੜ੍ਹੇ ਕੀਤੇ ਗਏ ਹਨ ਤਾਂ ਜੋ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਚੰਡੀਗੜ੍ਹ ਵਿੱਚ ਦਾਖ਼ਲ ਨਾ ਹੋ ਸਕਣ।