ਮਨੀਸ਼ਾ ਗੁਲਾਟੀ ‘ਪੰਜਾਬ ਰਾਜ ਮਹਿਲਾ ਕਮਿਸ਼ਨ’ ਦੇ ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਇਸ ਗੱਲ ਦੀ ਮੋਹਰ ਪੰਜਾਬ-ਹਰਿਆਣਾ ਹਾਈਕੋਰਟ ਨੇ ਲਗਾ ਦਿੱਤੀ ਹੈ। ਦਸ ਦਈਏ ਕਿ ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਕਾਰਜਕਾਲ ਦੇ 6 ਮਹੀਨੇ ਪਹਿਲਾਂ ਹੀ ਅਹੁਦੇ ਤੋਂ ਹਟਾ ਦਿੱਤਾ ਸੀ। ਜਿਸ ਤੋਂ ਬਾਅਦ ਗੁਲਾਟੀ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਹਾਈਕੋਰਟ ਦੇ ਵਿਚ ਸੁਣਵਾਈ ਹੋਈ ਅਤੇ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੇ ਹੱਕ ‘ਚ ਆਪਣਾ ਫ਼ੈਸਲਾ ਸੁਣਾਇਆ ਹੈ। ਪੰਜਾਬ-ਹਰਿਆਣਾ ਹਾਈਕੋਰਟ ’ਚ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਮਿਲੀ ਹੈ। ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਕਾਰਜਕਾਲ ਦੇ 6 ਮਹੀਨੇ ਪਹਿਲਾਂ ਅਹੁਦੇ ਤੋਂ ਹਟਾਉਣ ਦੇ ਫ਼ੈਸਲੇ ਨੂੰ ਵਾਪਸ ਲੈ ਲਿਆ ਹੈ।
ਦਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਪਰ ਹੁਣ ‘ਆਪ’ ਸਰਕਾਰ ਦੌਰਾਨ ਇਕ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿਚ ਕਮਿਸ਼ਨ ਦੇ ਮੌਜੂਦਾ ਚੇਅਰਪਰਸਨ ਜਾਂ ਮੈਂਬਰਾਂ ਦੀ ਸੇਵਾ ਵਿਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ।