‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਿਆਸਤ ਪੂਰੀ ਤਰ੍ਹਾ ਗਰਮਾਈ ਹੋਈ ਹੈ। ਵਿਰੋਧੀ ਪਾਰਟੀਆਂ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਬਿਆਨ ਦਿੱਤੇ ਗਏ ਹਨ। ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਸ ਵੱਲੋਂ ਕੀਤੀ ਗਈ ਕਾਰਵਾਈ ਦਾ ਮੈਂ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਮੂਹ ਪੰਜਾਬੀਆਂ ਨੂੰ ਮੇਰੀ ਬੇਨਤੀ ਹੈ ਕਿ ਸ਼ਾਂਤੀ ਬਣਾਈ ਰੱਖਣ ਅਤੇ ਅਫ਼ਵਾਹਾਂ ‘ਤੇ ਭਰੋਸਾ ਨਾ ਕਰਨ।
ਇਸ ਦੇ ਨਾਲ ਹੀ ਰਵਨੀਤ ਬਿੱਟੂ ਵਲੋਂ ਅੰਮ੍ਰਿਤਪਾਲ ਸਿੰਘ ‘ਤੇ ਨਿਸ਼ਾਨੇ ਸਾਧਦੇ ਹੋਏ ਉਸਨੂੰ ਗਿਦੱੜ ਆਖਿਆ ਅਤੇ ਕਿਹਾ ਕਿ ਨਿਹੰਗ ਸਿੰਘਾਂ ਵਲੋਂ ਪਾਏ ਜਾਂਦੇ ਬਾਣੇ ਨੂੰ ਅੰਮ੍ਰਿਤਪਾਲ ਸਿੰਘ ਨੇ ਦਾਗ ਲਗਾਇਆ ਹੈ। ਨਾਲ ਹੀ ਉਹਨਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰਨ ਆਇਆ ਹੈ ਅਤੇ ਮਾਵਾਂ ਦੇ ਪੁੱਤ ਮਰਵਾਉਣ ਆਇਆ ਹੈ।
ਰਵਨੀਤ ਬਿੱਟੂ ਵਲੋਂ ਨਿਸ਼ਾਨੇ ਸਾਧਨ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਟਵੀਟ ਸਾਹਮਣੇ ਆਇਆ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ, “ਗੁਰੂ ਦੇ ਸੱਚੇ ਸਿੱਖ ਕਦੇ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਸਮੂਹ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਪੁਲਿਸ ਨੇ ਕੁਝ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਜਲੰਧਰ ਦੇ ਨਕੋਦਰ ਨੇੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਸੀ। ਜਾਣਕਾਰੀ ਮੁਤਾਬਕ ਅੰਮ੍ਰਿਤਪਾਲ ਸਿੰਘ ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੂੰ ਜਾ ਰਹੇ ਸਨ।