ਅੰਮ੍ਰਿਤਸਰ ਵਿਚ ਉਸ ਵੇਲੇ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਲਈ ਪੁੱਜੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਵੱਡੀ ਗਿਣਤੀ ਵਿਚ ਕਿਸਾਨ ਪੁੱਜੇ। ਸੂਬਾ ਪੱਧਰੀ ਸਮਾਗਮ ਵਾਲੇ ਸਥਾਨ ਦੇ ਨੇੜੇ ਪੁੱਜ ਕੇ ਕਿਸਾਨਾਂ ਨੇ ਰੋਸ ਜ਼ਾਹਿਰ ਕੀਤਾ।
ਪੁਲਿਸ ਵੱਲੋਂ ਕਿਸਾਨਾਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ ਗਿਆ। ਜਿਸ ਕਾਰਨ ਕਿਸਾਨਾਂ ਨੇ ਉਥੇ ਹੀ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਿਸ ਦੇ ਉੱਚ ਅਧਿਕਾਰੀਆਂ ਨੇ ਕਿਸਾਨਾਂ ਨੂੰ ਕਾਫੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਦੀ ਮੰਗ ਉਤੇ ਅੜੇ ਰਹੇ। ਇਸ ਕਾਰਨ ਹਾਲਾਤ ਹੋਰ ਵੀ ਤਣਾਅਪੂਰਨ ਹੋ ਗਏ।
ਪੁਲਿਸ ਵੱਲੋਂ ਕਿਸਾਨਾਂ ਨੂੰ ਜਬਰੀ ਧਰਨਾ ਲਗਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨਾਂ ਦੀ ਮੰਗ ਹੈ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਨਸ਼ਿਆਂ ਨੂੰ ਜੜ੍ਹੋ ਖਤਮ ਕਰਨ ਦਿੱਤਾ ਜਾਵੇਗਾ। ਇਸ ਦੇ ਉਲਟ ਨਸ਼ਿਆਂ ਦਾ ਦਰਿਆ ਜਿਉਂ ਦਾ ਤਿਉਂ ਵਗ ਰਿਹਾ ਅਤੇ ਪੰਜਾਬ ਦੀ ਨੌਜਵਾਨ ਨੂੰ ਨਿਗਲ ਰਿਹਾ ਹੈ।