ਫ਼ਖਰ-ਏ-ਕੌਮ ਦਾ ਖਿਤਾਬ ਲੈਣ ਵਾਲੇ ਪੰਜਾਬ ਦੇ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਅੱਜ ਉਹਨਾਂ ਦਾ ਅੰਤਿਮ ਅਰਦਾਸ ਸਮਾਗਮ ਰੱਖਿਆ ਗਿਆ ਹੈ। ਇਸ ਮੌਕੇ ਜਿਥੇ ਵੱਡੀ ਗਿਣਤੀ ਵਿਚ ਲੋਕ ਪਹੁੰਚੇ ਉਥੇ ਹੀ ਰਾਜਨੀਤਕ ਅਤੇ ਧਾਰਮਿਕ ਸ਼ਖਸੀਅਤਾਂ ਵਲੋਂ ਵੀ ਸ਼ਿਰਕਤ ਕੀਤੀ ਗਈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਵੀ ਸਾਬਕਾ ਮੁੱਖ ਮੰਤਰੀ ਬਾਦਲ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਏ।
ਦਸ ਦਈਏ ਕਿ ਸ. ਬਾਦਲ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖਿਆ ਗਿਆ ਅੰਤਿਮ ਅਰਦਾਸ ਸਮਾਗਮ ਅੱਜ ਯਾਨੀ 4 ਮਈ ਨੂੰ ਪਿੰਡ ਬਾਦਲ ਵਿਖੇ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ ਵਿੱਚ ਆਯੋਜਿਤ ਕੀਤਾ ਗਿਆ ਹੈ।
ਇੰਨਾਂ ਹੀ ਨਹੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ‘ਆਪ’ ਵਿਧਾਇਕ ਬਲਜਿੰਦਰ ਕੌਰ ਵੀ ਇਸ ਅੰਤਿਮ ਅਰਦਾਸ਼ ਸਮਾਗਮ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਭਾਜਪਾ ਆਗੂ ਤਰੁਣ ਚੁੱਘ ਵਲੋਂ ਵੀ ਸ਼ਿਰਕਤ ਕੀਤੀ ਗਈ।
ਦੱਸਣਯੋਗ ਹੈ ਕਿ ਬੀਤੀ 25 ਅਪ੍ਰੈਲ ਨੂੰ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਆਖਰੀ ਸਾਹ ਲਏ। ਸਾਹ ਦੀ ਤਕਲੀਫ਼ ਮਗਰੋਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। 27 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਕੀਤਾ ਗਿਆ ਅਤੇ ਕੱਲ੍ਹ ਉਹਨਾਂ ਦੀਆਂ ਅਸਥੀਆਂ ਸ੍ਰੀ ਕੀਰਤਪੁਰ ਸਾਹਿਬ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਜਲ-ਪ੍ਰਵਾਹ ਕਰ ਦਿੱਤੀਆਂ ਗਈਆਂ ਹਨ।